ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਰੋਹ ਮੌਕੇ ਪਾਕਿਸਤਾਨ ਸਥਿਤ ਪਵਿੱਤਰ ਗੁਰਧਾਮਾਂ ਦੇ ਦਰਸ਼ਨਾਂ ਲਈ ਅੱਜ ਜਥਾ ਰਵਾਨਾ ਹੋਵੇਗਾ। ਇਹ ਜਥਾ ਐਸਜੀਪੀਸੀ ਦਫ਼ਤਰ ਅੰਮ੍ਰਿਤਸਰ ਤੋਂ ਅਰਦਾਸ ਕਰਵਾ ਕੇ ਰਵਾਨਾ ਕੀਤਾ ਜਾਵੇਗਾ। ਇਸ ਯਾਤਰਾ ਲਈ ਕੁੱਲ 2184 ਸੰਗਤਾਂ ਜਾਣਗੀਆਂ ਹਨ।
ਐਸਜੀਪੀਸੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਸ ਵਾਰ 1794 ਸੰਗਤਾਂ ਦੇ ਵੀਜ਼ੇ ਲੱਗੇ ਹਨ, ਜਦਕਿ 1800 ਸੰਗਤਾਂ ਨੇ ਅਰਜ਼ੀਆਂ ਦਿੱਤੀਆਂ ਸਨ। ਕਮੇਟੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਕਿ ਉਸ ਨੇ ਤਕਰੀਬਨ ਸਾਰੀਆਂ ਅਰਜ਼ੀਆਂ ਮਨਜ਼ੂਰ ਕਰਦਿਆਂ ਜ਼ਿਆਦਾਤਰ ਸੰਗਤਾਂ ਨੂੰ ਵੀਜ਼ੇ ਜਾਰੀ ਕੀਤੇ ਹਨ। ਇਸ ਨਾਲ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ।
ਇਸ ਤੋਂ ਪਹਿਲਾਂ ਸੁਰੱਖਿਆ ਕਾਰਣਾਂ ਦਾ ਹਵਾਲਾ ਦੇ ਕੇ ਕੇਂਦਰ ਸਰਕਾਰ ਵੱਲੋਂ ਜਥੇ ਨੂੰ ਪਾਕਿਸਤਾਨ ਜਾਣ ਦੀ ਮਨਾਹੀ ਕੀਤੀ ਗਈ ਸੀ। ਪਰ ਐਸਜੀਪੀਸੀ ਵੱਲੋਂ ਇਸ ਮਾਮਲੇ ‘ਤੇ ਵਿਸ਼ੇਸ਼ ਅਪੀਲ ਕਰਨ ਤੋਂ ਬਾਅਦ ਕੇਂਦਰ ਨੇ ਆਖ਼ਰਕਾਰ ਮਨਜ਼ੂਰੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਭਾਰੀ ਹੈ।ਜਥਾ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਗੁਰਦੁਆਰਾ ਸਚਾ ਸੌਦਾ ਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ। ਐਸਜੀਪੀਸੀ ਵੱਲੋਂ ਜਥੇ ਦੀ ਰਹਾਇਸ਼, ਲੰਗਰ ਤੇ ਸੁਰੱਖਿਆ ਪ੍ਰਬੰਧਾਂ ਦੀ ਪੂਰੀ ਤਿਆਰੀ ਕੀਤੀ ਗਈ ਹੈ।




