ਲੁਧਿਆਣਾ, 17 ਅਗਸਤ : ਪੀਏਯੂ ਦੀ ਗਰਾਊਂਡ ਵਿੱਚ ਆਜ਼ਾਦੀ ਦਿਵਸ ਦੌਰਾਨ ਸਿਵਲ ਸਰਜਨ ਨੂੰ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਰੋਕਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਦਸ ਦੇਈਏ ਕਿ ਆਜਾਦੀ ਦਿਵਸ ਮੌਕੇ ਮਹਾਨਗਰ ਦੇ ਸਿਵਲ ਸਰਜਨ ਡਾ: ਜਸਬੀਰ ਸਿੰਘ ਔਲਖ ਪੁੱਜੇ, ਜਿਨ੍ਹਾਂ ਕੋਲ ਪ੍ਰਸ਼ਾਸਨ ਵੱਲੋਂ ਜਾਰੀ ਕੀਤਾ ਗਿਆ ਵੀਆਈਪੀ ਕਾਰਡ ਵੀ ਸੀ। ਇਸ ਦੇ ਬਾਵਜੂਦ ਪੁਲੀਸ ਨੇ ਉਸ ਨੂੰ ਪ੍ਰੋਗਰਾਮ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਪੁਲੀਸ ਨੂੰ ਦਿੱਤੀ ਗਈ ਵੀਆਈਪੀ ਮਹਿਮਾਨਾਂ ਦੀ ਸੂਚੀ ਵਿੱਚ ਸਿਵਲ ਸਰਜਨ ਜਸਬੀਰ ਸਿੰਘ ਔਲਖ ਦਾ ਨਾਂ ਨਹੀਂ ਸੀ। ਜਿਸ ਕਾਰਨ ਉਹਨ੍ਹਾ ਨੂੰ ਪੁਲਿਸ ਕਰਮਚਾਰੀਆਂ ਨੇ ਅੰਦਰ ਨਹੀਂ ਜਾਣ ਦਿੱਤਾ। ਜਸਵੀਰ ਸਿੰਘ ਔਲਖ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਿਨਾਂ ਉੱਥੇ ਹੀ ਪਾਰਕਿੰਗ ਵਿੱਚ ਇੰਤਜ਼ਾਰ ਕਰਦੇ ਰਹੇ ਅਤੇ ਵਾਪਸ ਪਰਤ ਗਏ। ਉਨ੍ਹਾਂ ਆਪਣੇ ਅਹੁਦੇ ਦੀ ਵਰਤੋਂ ਕਰਦਿਆਂ ਡੀਸੀ ਨੂੰ ਇਸ ਸਬੰਧੀ ਵਿਸਥਾਰਤ ਸ਼ਿਕਾਇਤ ਦਿੱਤੀ ਅਤੇ ਉਨ੍ਹਾਂ ਤੁਰੰਤ ਪ੍ਰਭਾਵ ਨਾਲ ਉਕਤ ਪੁਲੀਸ ਮੁਲਾਜ਼ਮ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ। ਇਸ ਮਾਮਲੇ ਵਿੱਚ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਦੇ ਹੁਕਮਾਂ ’ਤੇ ਸਬ ਇੰਸਪੈਕਟਰ ਜਸਪਾਲ ਸਿੰਘ ਅਤੇ ਏਐਸਆਈ ਜਸਪਾਲ ਸਿੰਘ ਨੂੰ ਸ਼ੁੱਕਰਵਾਰ ਸ਼ਾਮ ਤੱਕ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਦੋਵਾਂ ਪੁਲੀਸ ਮੁਲਾਜ਼ਮਾਂ ਨੂੰ ਪੁਲੀਸ ਲਾਈਨਜ਼ ਭੇਜ ਦਿੱਤਾ ਗਿਆ ਹੈ। ਦੋਵਾਂ ਪੁਲੀਸ ਮੁਲਾਜ਼ਮਾਂ ਦਾ ਨਾਂ ਜਸਪਾਲ ਸਿੰਘ ਹੈ ਪਰ ਦੋਵਾਂ ਦੇ ਬੈਲਟ ਨੰਬਰ ਵੱਖ-ਵੱਖ ਹਨ। ਪੁਲੀਸ ਕਮਿਸ਼ਨਰ ਵੱਲੋਂ ਦਿੱਤੇ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਉਪਰੋਕਤ ਦੋਵੇਂ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।