ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਸ ਨੇ SC ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ 62.5 ਫੀਸਦੀ ਰਾਸ਼ੀ ਜਾਰੀ ਹੀ ਨਹੀਂ ਕੀਤੀ ਤੇ ਸਰਕਾਰ ਨੇ ਖੁਦ ਮੰਨਿਆ ਹੈ ਕਿ ਉਸ ਨੇ ਅੱਜ ਤੱਕ 245 ਕਰੋੜ ਰੁਪਏ ਵਿਚੋਂ ਸਿਰਫ 92 ਕਰੋੜ ਰੁਪਏ ਯਾਨੀ 37.5 ਫੀਸਦੀ ਰਾਸ਼ੀ ਹੀ ਜਾਰੀ ਕੀਤੀ ਹੈ।
ਇੱਥੇ ਜਾਰੀ ਕੀਤੇ ਇਕ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਅਖ਼ਬਾਰਾਂ ਵਿੱਚ ਦਿੱਤੇ ਪੂਰੇ ਪੇਜ ਦੇ ਇਸ਼ਤਿਹਾਰਾਂ ਵਿੱਚ ਖੁਦ ਮੰਨਿਆ ਹੈ ਕਿ ਸਾਲ 2024-25 ਦੌਰਾਨ ਉਸ ਨੇ SC ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕੀਮ ਦੀ ਸਿਰਫ 37.5 ਫੀਸਦੀ ਰਾਸ਼ੀ ਹੀ ਜਾਰੀ ਕੀਤੀ ਹੈ ਤੇ ਉਹ 62.5 ਫੀਸਦੀ ਰਾਸ਼ੀ ਜਾਰੀ ਕਰਨ ਵਿੱਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਆਪਣੀ ਇਸ ਮਾੜੀ ਕਾਰਗੁਜ਼ਾਰੀ ਲਈ SC ਵਿਦਿਆਰਥੀਆਂ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ 9 ਮਹੀਨਿਆਂ ਵਿੱਚ ਸਰਕਾਰ ਸਿਰਫ਼ 37.5 ਫੀਸਦੀ ਰਾਸ਼ੀ ਹੀ ਜਾਰੀ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕੋਲ ਇਸ਼ਤਿਹਾਰਬਾਜ਼ੀ ਲਈ ਪੈਸੇ ਹਨ ਤਾਂ ਚੰਗਾ ਹੋਵੇਗਾ ਕਿ ਸਕੀਮ ਲਈ ਸਾਲ ਵਾਸਤੇ ਨਿਸ਼ਚਿਤ ਸਾਰੀ 100 ਫੀਸਦੀ ਰਾਸ਼ੀ ਜਾਰੀ ਕੀਤੀ ਜਾਵੇ।