ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ‘ਤੇ ਸੰਵੇਦਨਸ਼ੀਲ ਸਥਿਤੀ ‘ਤੇ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨਾਲ ਖੜ੍ਹੇ ਹੋਣ ਦੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਸਰਹੱਦੀ ਖੇਤਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਫਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ। ਕੈਬਨਿਟ ਮੰਤਰੀਆਂ ਨੇ ਪਿੰਡ ਖਾਈ ਫੇਮ ਵਿੱਚ ਬੀਤੀ ਰਾਤ ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਹਮਲਿਆਂ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਸਥਾਨਕ ਹਸਪਤਾਲ ਦਾ ਦੌਰਾ ਕੀਤਾ ਅਤੇ ਗੱਲਬਾਤ ਕੀਤੀ। ਉਨ੍ਹਾਂ ਨੇ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਇਸ ਦੌਰਾਨ ਕੈਬਨਿਟ ਮੰਤਰੀਆਂ ਨੇ ਹਸਪਤਾਲ ਦੇ ਡਾਕਟਰਾਂ, ਸਿਹਤ ਅਧਿਕਾਰੀਆਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਹਦਾਇਤਾਂ ਦਿੱਤੀਆਂ। ਕੈਬਨਿਟ ਮੰਤਰੀਆਂ ਨੇ ਫਿਰੋਜ਼ਪੁਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਉਹ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਤਾਂ ਜੋ ਉਹ ਸੁਰੱਖਿਅਤ ਰਹਿ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੇਸ਼ ਵਾਸੀਆਂ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਲਗਾਤਾਰ ਸਲਾਹਾਂ ਜਾਰੀ ਕਰ ਰਿਹਾ ਹੈ ਅਤੇ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਸੁਰੱਖਿਆ ਨਿਯਮਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਬਲੈਕਆਊਟ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਆਪਸੀ ਸਹਿਯੋਗ ਅਤੇ ਭਾਈਚਾਰਾ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਫੌਜਾ ਸਿੰਘ ਸਰਾੜੀ ਅਤੇ ਨਰੇਸ਼ ਕਟਾਰੀਆ, ਐੱਸ.ਐੱਸ.ਪੀ.ਭੁਪਿੰਦਰ ਸਿੰਘ ਸਿੱਧੂ, ਐੱਸ.ਡੀ.ਐੱਮ. ਜੀਰਾ ਗੁਰਮੀਤ ਸਿੰਘ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।