ਲੁਧਿਆਣਾ, 23 ਅਕਤੂਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਆਪਣੇ ਦਫਤਰ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਝੋਨੇ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਬਿਨਾਂ ਕਿਸੇ ਦੇਰੀ ਦੇ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਜੋਰਵਾਲ ਨੇ ਸਾਰੇ ਉਪ ਮੰਡਲ ਮੈਜਿਸਟਰੇਟਾਂ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਖਰੀਦ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਖਾਸ ਤੌਰ ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਫੂਡ ਸਪਲਾਈ ਇੰਸਪੈਕਟਰਾਂ ਨੂੰ ਆਦੇਸ਼ ਦਿੱਤੇ ਕਿ ਰੌਜ਼ਾਨਾ ਜ਼ਿਲ੍ਹਾ ਲੁਧਿਆਣਾ ਵਿੱਚ ਕਿੰਨੀ ਝੋਨੇ ਦੀ ਖ਼ਰੀਦ ਹੋਈ, ਕਿੰਨੇ ਝੋਨੇ ਦੀ ਲਿਫਟਿੰਗ ਹੋਈ ਅਤੇ ਕਿਸਾਨਾਂ ਨੂੰ ਕਿੰਨੇ ਰੁਪਏ ਦੀ ਅਦਾਇਗੀ ਹੋਈ ਸਬੰਧੀ ਰਿਪੋਰਟ ਰੌਜ਼ਾਨਾ ਸਵੇਰੇ 9 ਵਜੇ ਉਹਨਾਂ ਪੇਸ਼ ਕੀਤੀ ਜਾਵੇ। ਉਹਨਾਂ ਅਧਿਕਾਰੀਆਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨਾਜ਼ ਮੰਡੀਆਂ ਵਿੱਚ ਸਖ਼ਤ ਨਜ਼ਰ ਰੱਖੀ ਜਾਵੇ ਕਿ ਕੋਈ ਵੀ ਝੋਨਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਤੋ ਹੇਠਾਂ ਨਾ ਖਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੇ ਖਰੀਦ/ਭੰਡਾਰਨ ਪ੍ਰਬੰਧਾਂ ਸਬੰਧੀ ਸਾਰੇ ਮਸਲਿਆਂ ਦਾ ਹੱਲ ਹੋ ਚੁੱਕਾ ਹੈ ਅਤੇ ਇਸ ਝੋਨੇ ਦੇ ਸੀਜ਼ਨ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।