ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫਸਲਾਂ ਨੂੰ ਐਮਐਸਪੀ ‘ਤੇ ਖਰੀਦ ਦੀ ਕਾਨੂੰਨੀ ਗਰੰਟੀ ਅਤੇ ਹੋਰਨਾਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਬੰਦ ਦੇ ਚਲਦਿਆਂ ਸਵੇਰੇ 7 ਵਜੇ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੂਬੇ ਵਿੱਚ ਇੱਕ 140 ਤੋਂ ਵੱਧ ਥਾਵਾਂ ‘ਤੇ ਡੇਰੇ ਲਾ ਲਏ ਅਤੇ ਸੜਕੀ ਅਤੇ ਰੇਲ ਆਵਾਜਾਈ ਬੰਦ ਕਰ ਦਿੱਤੀ। ਹਾਲਾਂਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਵਿੱਚ ਸੂਬੇ ਦੀਆਂ ਵੱਡੀ ਗਿਣਤੀ ਵਿੱਚ ਵਪਾਰੀ, ਧਾਰਮਿਕ, ਮੁਲਾਜ਼ਮ, ਵਿਦਿਆਰਥੀ, ਟਰਾਂਸਪੋਰਟਰ ਅਤੇ ਹੋਰਨਾਂ ਜਥੇਬੰਦੀਆਂ ਵੀ ਨਿੱਤਰ ਆਈਆਂ ਹਨ। ਜਿਨ੍ਹਾਂ ਵੱਲੋਂ ਅੱਜ ਪੰਜਾਬ ਬੰਦ ਵਿੱਚ ਸਹਿਯੋਗ ਕੀਤਾ ਜਾਵੇਗਾ।
ਖਨੌਰੀ ਹੱਦ ’ਤੇ 34 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ’ਚ ਕਿਸਾਨਾਂ ਨੇ ਸੋਮਵਾਰ (30 ਦਸੰਬਰ) ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਸੀ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ’ਤੇ ਅੰਦੋਲਨ ਨੂੰ ਦਬਾਉਣ ਦਾ ਯਤਨ ਕਰਨ ਦਾ ਦੋਸ਼ ਲਾਉਂਦੇ ਹੋਏ ਸੁਪਰੀਮ ਕੋਰਟ ਨੂੰ ਕਿਹਾ ਹੈ, ‘ਉਹ ਕੇਂਦਰ ਦੇ ਇਨ੍ਹਾਂ ਯਤਨਾਂ ਵਿਚ ਜਾਣੇ-ਅਣਜਾਣੇ ਭਾਈਵਾਲ ਨਾ ਬਣੇ। ਜੇ ਕਿਸਾਨ ਅੰਦੋਲਨ ਨੂੰ ਦਬਾਉਣ ਦਾ ਹੁਕਮ ਦਿੱਤਾ ਜਾਂਦਾ ਹੈ ਤਾਂ ਜਾਨ-ਮਾਲ ਦਾ ਜਿੰਨਾ ਨੁਕਸਾਨ ਹੋਵੇਗਾ, ਉਸ ਦੇ ਲਈ ਕੇਂਦਰ ਸਰਕਾਰ ਦੇ ਨਾਲ-ਨਾਲ ਉਹ ਸੰਵਿਧਾਨਕ ਸੰਸਥਾ ਵੀ ਜ਼ਿੰਮੇਵਾਰ ਹੋਵੇਗੀ, ਜੋ ਕਿ ਅਜਿਹੇ ਹੁਕਮ ਦੇ ਰਹੀ ਹੈ’। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਡੱਲੇਵਾਲ ਨੂੰ ਉਨ੍ਹਾਂ ਦੀਆਂ ਲਾਸ਼ਾਂ ਉੱਤੋਂ ਲੰਘ ਕੇ ਜਬਰੀ ਗਿ੍ਰਫ਼ਤਾਰ ਕੀਤਾ ਜਾ ਸਕਦਾ ਹੈ।
ਆਮ ਜਨਤਾਂ ਨੂੰ ਖੱਜਲ ਖੁਆਰੀ ਦਾ ਸਹਾਮਣਾ ਕਰਨ ਪੈ ਰਿਹਾ ਹੈ। ਮੈਡੀਕਲ ਅਤੇ ਸਿਹਤ ਸੇਵਾਵਾਂ, ਵਿਆਹ ਸ਼ਾਦੀਆਂ ਵਾਲੀਆਂ ਗੱਡੀਆਂ, ਜ਼ਰੂਰੀ ਇੰਟਰਵਿਊ ਲਈ ਜਾਣ ਵਾਲੇ ਜਾਂ ਵਿਦੇਸ਼ ਜਾਣ ਲਈ ਹਵਾਈ ਅੱਡੇ ਨੂੰ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਦਿੱਤੀ ਗਈ ਹੈ। ਸਵੇਰ 7 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗਾ ।