ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਆਮ ਆਦਮੀ ਕਲੀਨਿਕ ਲਈ ਨਿਯੁਕਤ ਕੀਤੇ ਗਏ 18 ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਸਿਵਲ ਸਰਜਨ ਡਾ: ਬਲਵਿੰਦਰ ਕੁਮਾਰ ਦਮਨਾ ਵੀ ਮੌਜੂਦ ਸਨ।
ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿੱਚ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਪੰਜਾਬ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੂਰੇ ਦੇਸ਼ ਵਿੱਚ ਸਭ ਤੋਂ ਅੱਗੇ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ 900 ਦੇ ਕਰੀਬ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ। ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਡਾਕਟਰਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਨਵ ਨਿਯੁਕਤ ਡਾਕਟਰਾਂ ਨੂੰ ਸੇਵਾ ਭਾਵਨਾ ਨਾਲ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ.ਸਵਾਤੀ ਸ਼ੇਮਾਰ ਵੀ ਮੌਜੂਦ ਸਨ।