ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਪਾਂਸਰਸ਼ਿਪ ਦਿਵਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦਾ ਉਦੇਸ਼ ਮਿਸ਼ਨ ਵਾਤਸਲਿਆ ਸਕੀਮ ਤਹਿਤ 18 ਸਾਲ ਤੱਕ ਦੇ ਬੇਸਹਾਰਾ ਅਤੇ ਲੋੜਵੰਦ ਬੱਚਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸੀ। ਇਸ ਸਕੀਮ ਤਹਿਤ 76 ਲਾਭਪਾਤਰੀਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ, ਜਿਸ ਲਈ ਕੁੱਲ 29 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।
ਇਹ ਸਮਾਗਮ ਜ਼ਿਲ੍ਹਾ ਪ੍ਰੀਸ਼ਦ ਦੇ ਬੀਆਰਜੀਐਫ ਹਾਲ ਵਿੱਚ ਕਰਵਾਇਆ ਗਿਆ, ਜਿਸ ਵਿੱਚ ਮੇਅਰ ਸੁਰਿੰਦਰ ਕੁਮਾਰ, ਐਸਡੀਐਮ ਸੰਜੀਵ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰੰਜੀਤਾ ਚੌਧਰੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲਾਭਪਾਤਰੀਆਂ ਨੂੰ ਚੈਕ ਵੰਡਦਿਆਂ ਮਾਪਿਆਂ ਨੂੰ ਬੱਚਿਆਂ ਦੇ ਵਿੱਤੀ ਸਸ਼ਕਤੀਕਰਨ ਲਈ ਮਿਸ਼ਨ ਵਾਤਸਲਿਆ ਸਕੀਮ ਤਹਿਤ ਚਲਾਈ ਜਾ ਰਹੀ ਸਪਾਂਸਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਸਕੀਮ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਕੀਮ ਉਨ੍ਹਾਂ ਬੱਚਿਆਂ ਲਈ ਵਰਦਾਨ ਹੈ ਜਿਨ੍ਹਾਂ ਦੇ ਮਾਪੇ ਆਰਥਿਕ ਜਾਂ ਸਰੀਰਕ ਤੌਰ ’ਤੇ ਸਮਰੱਥ ਨਹੀਂ ਹਨ। ਇਸ ਮੌਕੇ ਕੈਬਨਿਟ ਮੰਤਰੀ ਨੇ ਹਾਜ਼ਰ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸੰਪਰਕ ਵਿੱਚ ਰਹਿਣ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਾਈਲਡ ਹੈਲਪਲਾਈਨ ਨੰਬਰ 1098 ਦੀ ਵੱਧ ਤੋਂ ਵੱਧ ਵਰਤੋਂ ਕਰਨ।