ਲੁਧਿਆਣਾ, 28 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸੋਮਵਾਰ ਨੂੰ ਸ਼ਹਿਰ ਭਰ ਵਿੱਚ ਮੈਗਾ ਸਫਾਈ ਮੁਹਿੰਮ ਜਾਰੀ ਰੱਖੀ।
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਦੇ ਨਾਲ ਵਾਰਡ ਨੰਬਰ 24 ਵਿੱਚ ਸਫਾਈ ਮੁਹਿੰਮ ਦੀ ਅਗਵਾਈ ਕੀਤੀ। ਇਸੇ ਤਰ੍ਹਾਂ, ਵਿਧਾਇਕ ਛੀਨਾ ਨੇ ਸ਼ੇਰਪੁਰ ਚੌਕ ਤੋਂ ਮੁਹਿੰਮ ਦੀ ਅਗਵਾਈ ਕੀਤੀ, ਵਿਧਾਇਕ ਪਰਾਸ਼ਰ ਨੇ ਸਿਵਲ ਹਸਪਤਾਲ ਨੇੜੇ ਅਮਰਪੁਰਾ ਰੋਡ ‘ਤੇ ਮੁਹਿੰਮ ਦੀ ਅਗਵਾਈ ਕੀਤੀ, ਜਦੋਂ ਕਿ ਵਿਧਾਇਕ ਸਿੱਧੂ ਨੇ ਪ੍ਰਤਾਪ ਚੌਕ ਵਿਖੇ ਮੁਹਿੰਮ ਦੀ ਅਗਵਾਈ ਕੀਤੀ।
ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ, ਜ਼ੋਨਲ ਕਮਿਸ਼ਨਰ ਨੀਰਜ ਜੈਨ ਅਤੇ ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ ਸਮੇਤ ਹੋਰ ਨਗਰ ਨਿਗਮ ਅਧਿਕਾਰੀਆਂ ਨੇ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ/ਮੁੱਖ ਸੜਕਾਂ ਨੂੰ ਚੱਲ ਰਹੀ ਮੈਗਾ ਸਫਾਈ ਮੁਹਿੰਮ ਅਧੀਨ ਕਵਰ ਕੀਤਾ ਜਾਵੇਗਾ ਅਤੇ ਉਹ ਨਿਯਮਤ ਤੌਰ ‘ਤੇ ਇਸਦੀ ਨਿਗਰਾਨੀ ਕਰ ਰਹੇ ਹਨ। ਜਿੱਥੇ ਵੀ ਲੋੜ ਹੋਵੇ, ਸੀਵਰ ਲਾਈਨਾਂ ਦੀ ਸਫਾਈ ਵੀ ਕੀਤੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੂੰ ਨਿਯਮਤ ਤੌਰ ‘ਤੇ ਫੌਗਿੰਗ ਮੁਹਿੰਮਾਂ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਕੈਬਨਿਟ ਮੰਤਰੀ ਮੁੰਡੀਆਂ, ਵਿਧਾਇਕ ਛੀਨਾ, ਵਿਧਾਇਕ ਸਿੱਧੂ, ਵਿਧਾਇਕ ਪਰਾਸ਼ਰ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਵਸਨੀਕਾਂ ਨੂੰ ਸ਼ਹਿਰ ਨੂੰ ਸਾਫ਼ ਅਤੇ ਹਰਾ-ਭਰਾ ਰੱਖਣ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਮੁੰਡੀਆਂ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ, ਵਸਨੀਕ ਨਗਰ ਨਿਗਮ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਐੱਮ ਸੇਵਾ ਰਾਹੀਂ ਨਗਰ ਨਿਗਮ ਕੋਲ ਔਨਲਾਈਨ ਸ਼ਿਕਾਇਤਾਂ ਵੀ ਦਰਜ ਕਰਵਾ ਸਕਦੇ ਹਨ।
ਵਸਨੀਕ ਨਾ ਸਿਰਫ਼ mseva.lgpunjab.gov.in ‘ਤੇ ਜਾ ਕੇ ਔਨਲਾਈਨ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ, ਸਗੋਂ ਉਹ ਵਟਸਐਪ ਐੱਮ ਸੇਵਾ ਚੈਟਬੋਟ ਰਾਹੀਂ ਵੀ ਔਨਲਾਈਨ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਵਸਨੀਕ ਚੈਟਬੋਟ ਤੱਕ ਪਹੁੰਚਣ ਲਈ 87509-75975 ਤੇ ਮਿਸਡ ਕਾਲ ਕਰ ਸਕਦੇ ਹਨ ਅਤੇ ਵਟਸਐਪ ਚੈਟਬੋਟ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਮੁੰਡੀਆਂ ਅਤੇ ਸ਼ਹਿਰ ਦੇ ਵਿਧਾਇਕਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੈਗਾ ਸਫਾਈ ਮੁਹਿੰਮ ਜਾਰੀ ਰਹੇਗੀ ਅਤੇ ਸਫਾਈ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾ ਰਿਹਾ ਹੈ।