ਸ੍ਰੀ ਆਨੰਦਪੁਰ ਸਾਹਿਬ, 10 ਮਾਰਚ : ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਵੀ ਦਸਤਾਰਾਂ ਭੇਟ ਕੀਤੀਆਂ।
ਇਸ ਦੌਰਾਨ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਸਿੰਘ ਸਾਹਿਬ Giani Kuldeep Singh Gargajj ਨੂੰ ਸਿਰੋਪਾਓ ਭੇਟ ਕੀਤੇ ਗਏ। ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਪੰਥ ਵੱਲੋਂ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਵੱਡੇ ਭਾਗ ਹਨ ਕਿ ਇੱਕ ਸਧਾਰਨ ਸਿੱਖ ਪਰਿਵਾਰ ਵਿੱਚ ਪੈਦਾ ਹੋ ਕੇ ਉਨ੍ਹਾਂ ਨੂੰ ਇੰਨੀ ਵੱਡੀ ਸੇਵਾ ਮਿਲੀ ਹੈ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਪਾਠੀ ਸਿੰਘ ਵਜੋਂ ਸ਼ੁਰੂ ਕਰਕੇ ਫਿਰ ਧਰਮ ਪ੍ਰਚਾਰ ਦੀ ਸੇਵਾ ਨੂੰ ਚੁਣਿਆ ਸੀ ਤੇ ਗੁਰੂ ਪੰਥ ਦੀ ਸੇਵਾ ਦੇ ਵਿੱਚ ਇੱਕ ਪ੍ਰਚਾਰਕ ਵਜੋਂ ਹੀ ਵਿਚਰਦੇ ਰਹਿਣਗੇ।
ਪੰਥ ਨੂੰ ਦਰਪੇਸ਼ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਮਸਲਿਆਂ ਬਾਰੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸਾਡੇ ਬਹੁਤੇ ਮਸਲੇ ਗੁਰੂ ਦਰ ਨਾਲੋਂ ਟੁੱਟਣ ਕਾਰਨ ਪੈਦਾ ਹੋਏ ਹਨ। ਇਹ ਫਿਕਰਮੰਦੀ ਦੀ ਗੱਲ ਹੈ ਕਿ ਅੱਜ ਧਾਰਮਿਕ ਤੌਰ ’ਤੇ ਸਿੱਖਾਂ ਵਿੱਚ ਬੇਇਤਫਾਕੀ ਵਾਲਾ ਮਾਹੌਲ ਹੈ ਤੇ ਸਾਡੇ ਵਿੱਚ ਧੜੇਬੰਦੀਆਂ ਤੇ ਵਿਚਾਰਧਾਰਕ ਵਖਰੇਵਿਆਂ ਨੇ ਵੱਡੇ ਮੁਫਾਦ ਪੈਦਾ ਕੀਤੇ ਹੋਏ ਹਨ। ਧਾਰਮਿਕ ਤੇ ਸਿਆਸੀ ਤੌਰ ਤੇ ਯੋਗ ਅਗਵਾਈ ਦੀ ਘਾਟ ਕਾਰਨ ਮਿਲ ਬੈਠ ਕੇ ਮਸਲਿਆਂ ਨੂੰ ਸੁਲਝਾਉਣ ਦੀ ਥਾਂ ਤੇ ਇੱਕ ਦੂਜੇ ਨੂੰ ਨੀਵਾਂ ਦਿਖਾਉਣ ਦਾ ਕੰਮ ਚੱਲ ਰਹੀ ਹੈ । ਉਨ੍ਹਾਂ ਕਿਹਾ ਕਿ ਅਜਿਹੇ ਮੁਸ਼ਕਿਲ ਸਮੇਂ ਵਿੱਚ ਗੁਰੂ ’ਤੇ ਵਿਸ਼ਵਾਸ ਰੱਖ ਕੇ ਮਿਲ ਬੈਠਣ ਦੇ ਵਸੀਲੇ ਬਣਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਸਿਆਸੀ ਤੌਰ ’ਤੇ ਸਿੱਖ ਪੰਥ ਵੱਡੇ ਹਮਲਿਆਂ ਦਾ ਸ਼ਿਕਾਰ ਹੈ ਜਿੱਥੇ ਇੱਕ ਪਾਸੇ ਦੇਸ਼ ਵਿੱਚ ਘੱਟ ਗਿਣਤੀਆਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਗਿਆ ਹੈ ਉੱਥੇ ਹੀ ਰਾਜਸੀ ਤਾਕਤ ਨੂੰ ਵਰਤਦਿਆਂ ਸਿੱਖਾਂ ਦੇ ਖਿਲਾਫ ਕਾਲੇ ਕਾਨੂੰਨ ਅਤੇ ਯੂਏਪੀਏ, ਐੱਨਐੱਸਏ ਵਰਗੀਆਂ ਧਾਰਾਵਾਂ ਲਾ ਕੇ ਨੌਜਵਾਨੀ ਨੂੰ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਦੇਸ਼ ਦੇ ਹੁਕਮਰਾਨ 1984 ਦੇ ਸਿੱਖ ਕਤਲੇਆਮ ਦਾ 40 ਸਾਲ ਬੀਤ ਜਾਣ ਮਗਰੋਂ ਵੀ ਇਨਸਾਫ਼ ਦਵਾਉਣ ਵਿੱਚ ਵੀ ਨਕਾਮ ਰਹੇ ਹਨ। ਸਿੱਖਾਂ ਦੀ ਰਾਜਸੀ ਤਾਕਤ ਖਿੰਡੀ ਹੋਣ ਕਰਕੇ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਨੂੰ ਤਾਂ ਕੋਈ ਜਮਾਨਤ ਨਹੀਂ ਮਿਲਦੀ ਪਰ ਕਿਸੇ ਸਿੱਖ ਵਿਰੋਧੀ ਝੂਠੇ ਡੇਰੇਦਾਰਾਂ ਨੂੰ ਨਿੱਤ ਦਿਹਾੜੇ ਲੰਮੀਆਂ ਛੁਟੀਆਂ ਦੇ ਕੇ ਸਿੱਖਾਂ ਨੂੰ ਤਪਾਇਆ ਜਾਂਦਾ ਹੈ।