ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਮਿਲਣ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਐਤਵਾਰ ਸਵੇਰੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਨਾਲ਼ ਮੌਜੂਦ ਸੀ l ਉਨ੍ਹਾਂ ਗੁਰੂ ਘਰ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਰੋਧੀਆਂ ‘ਤੇ ਨਿਸ਼ਾਨਾ ਵੀ ਸਾਧਿਆ।
ਲੋਕ ਸਭਾ ਚੋਣਾਂ ਬਾਰੇ ਚੰਦੂਮਾਜਰਾ ਨੇ ਕਿਹਾ ਕਿ ਇਸ ਵਾਰ ਲੜਾਈ ਦਿੱਲੀ ਅਤੇ ਪੰਜਾਬ ਵਿਚਾਲੇ ਹੈ। ਜਿਸ ਤਰ੍ਹਾਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਪੰਜਾਬੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਹੈ। ਪੰਜਾਬੀਅਤ ਲਈ ਪਹਿਰਾ ਦਿੱਤਾ। ਪੰਜਾਬ ਦੇ ਲੋਕ ਵੀ ਅਕਾਲੀ ਦਲ ਦਾ ਸਾਥ ਦੇਣਗੇ ਅਤੇ ਜਿੱਤਣਗੇ।
ਦੱਸ ਦਈਏ ਕਿ ਬੀਤੇ ਕੱਲ੍ਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਜਿਸ ‘ਚ ਡਾ.ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ, ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ, ਐਨ ਕੇ ਸ਼ਰਮਾ ਨੂੰ ਪਟਿਆਲਾ, ਅਨਿਲ ਜੋਸ਼ੀ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ, ਬਿਕਰਮਜੀਤ ਸਿੰਘ ਖਾਲਸਾ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ, ਰਾਜਵਿੰਦਰ ਸਿੰਘ (ਸਵ.ਗੁਰਦੇਵ ਸਿੰਘ ਬਾਦਲ ਦੇ ਦੋਹਤੇ ) ਨੂੰ ਫਰੀਦਕੋਟ, ਇਕਬਾਲ ਸਿੰਘ ਝੂੰਦਾਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ।