Indian government denies visa : ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਹਰ ਸਾਲ ਜਥਾ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਂਦਾ ਹੈ। ਸਿੱਖ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਂਦੇ ਹਨ। ਪਰ ਇਸ ਵਾਰ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਭਾਰਤ ਸਰਕਾਰ ਨੇ ਇਸ ਵਾਰ ਯਾਤਰੀਆਂ ਦੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਕੌਮੀ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ‘ਚ ਕਿਹਾ ਹੈ ਕਿ ਦੋਹਾਂ ਦੇਸ਼ਾਂ ਦਰਮਿਆਨ ਬਣੇ ਤਣਾਅ ਤੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ, ਗੁਰਦੁਆਰਾ ਸ਼ਹੀਦੀ ਅਸਥਾਨ ਸ੍ਰੀ ਗੁਰੂ ਅਰਜਨ ਦੇਵ ਜੀ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸੱਚਾ ਸੌਦਾ ਚੂੜਕਾਣਾ ਤੇ ਗੁਰਦੁਆਰਾ ਰੋੜੀ ਸਾਹਿਬ ਫਾਰੂਕਾਬਾਦ ਦੇ ਦਰਸ਼ਨਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।