ਜਲੰਧਰ ਤੋਂ ਸੰਸਦ ਮੈਂਬਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਚੰਨੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ‘ਚ ਲੋਕ ਸਭਾ ਚੋਣਾਂ ‘ਚ ਉਨ੍ਹਾਂ ਦੀ ਜਿੱਤ ਨੂੰ ਚੁਣੌਤੀ ਦਿੱਤੀ ਗਈ ਹੈ। ਚੰਨੀ ਖਿਲਾਫ ਇਹ ਸ਼ਿਕਾਇਤ ਭਾਜਪਾ ਦੇ ਗੌਰਵ ਲੂਥਰਾ ਨੇ ਦਰਜ ਕਰਵਾਈ ਹੈ। ਲੂਥਰਾ ਨੇ ਕਿਹਾ ਕਿ ਚੋਣਾਂ ਵਿੱਚ ਖਰਚੇ ਸਬੰਧੀ ਕਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ।
ਲੂਥਰਾ ਨੇ ਅੱਗੇ ਕਿਹਾ ਕਿ ਸਿਆਸਤਦਾਨ ਖੁੱਲ੍ਹੇਆਮ ਖਰਚ ਕਰਦੇ ਹਨ, ਪਰ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਚੰਨੀ ‘ਤੇ ਦੋਸ਼ ਲਾਇਆ ਕਿ ਸੰਸਦ ਮੈਂਬਰ ਨੇ ਖਰਚੇ ਦਾ ਪੂਰਾ ਹਿਸਾਬ ਨਹੀਂ ਦਿੱਤਾ ਹੈ। ਲੂਥਰਾ ਨੇ ਕਿਹਾ ਕਿ ਉਸ ਨੇ ਸਬੂਤਾਂ ਦੇ ਨਾਲ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਦਿਸ਼ਾ-ਨਿਰਦੇਸ਼ਾਂ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕੀਤੀ ਗਈ ਸੀ। ਜਿਸ ਦਾ ਹਾਈਕੋਰਟ ਨੇ ਨੋਟਿਸ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪਟੀਸ਼ਨ 10 ਜੁਲਾਈ ਨੂੰ ਦਾਇਰ ਕੀਤੀ ਗਈ ਸੀ। ਜਿਸ ਤੋਂ ਬਾਅਦ 26 ਜੁਲਾਈ ਨੂੰ ਕੁਝ ਖਾਮੀਆਂ ਸਾਹਮਣੇ ਆਉਣ ‘ਤੇ ਜ਼ਰੂਰੀ ਦਸਤਾਵੇਜ਼ ਨੱਥੀ ਕਰ ਦਿੱਤੇ ਗਏ। ਹੁਣ ਇਸ ਪਟੀਸ਼ਨ ‘ਤੇ ਹਾਈਕੋਰਟ ‘ਚ 12 ਅਗਸਤ ਨੂੰ ਸੁਣਵਾਈ ਹੋਵੇਗੀ।