ਲੁਧਿਆਣਾ, 1 ਅਕਤੂਬਰ। ਸ਼ਹਿਰ ਦੇ ਵੱਖ ਵੱਖ ਇਲਾਕਿਆਂ ਤੋਂ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਸਸਤੇ ਭਾਅ ’ਤੇ ਵੇਚਣ ਵਾਲੇ ਇੱਕ ਮੁਲਜ਼ਮ ਨੂੰ ਥਾਣਾ ਹੈਬੋਵਾਲ ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਇਲਾਕੇ ਵਿੱਚ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਵੱਖ-ਵੱਖ ਕੰਪਨੀਆਂ ਦੇ ਚਾਰ ਮੋਟਰਸਾਈਕਲ ਅਤੇ ਇੱਕ ਐਕਟਿਵਾ ਬਰਾਮਦ ਕੀਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਪਿੰਡ ਬੂਟਾ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਉਰਫ਼ ਲਵੀ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਲਿਆ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਵਿੱਚ ਜੁਟੀ ਹੈ।
ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਥਾਣਾ ਹੈਬੋਵਾਲ ਦੇ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਲਜ਼ਮ ਚੋਰੀ ਦੇ ਵਾਹਨ ’ਤੇ ਸਵਾਰ ਹੋ ਕੇ ਨਿਕਲ ਰਿਹਾ ਸੀ। ਪੁਲੀਸ ਪਾਰਟੀ ਨੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਬਾਈਕ ਭਜਾਉਣ ਦੀ ਕੋਸ਼ਿਸ਼ ਕੀਤੀ। ਕਿਸੇ ਤਰ੍ਹਾਂ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਪੁਲੀਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਮੁਲਜ਼ਮ ਚੋਰੀ ਦੀ ਗੱਡੀ ਵੇਚਣ ਵਾਲਾ ਸੀ। ਪੁਲੀਸ ਅਨੁਸਾਰ ਮੁਲਜ਼ਮ ਵੱਖ-ਵੱਖ ਇਲਾਕਿਆਂ ਵਿੱਚੋਂ ਵਾਹਨ ਚੋਰੀ ਕਰਦਾ ਸੀ ਅਤੇ ਉਸ ’ਤੇ ਜਾਅਲੀ ਨੰਬਰ ਲਗਾ ਕੇ ਜਾਂ ਫਿਰ ਨੰਬਰ ਪਲੇਟਾਂ ਉਤਾਰ ਕੇ ਸਸਤੇ ਵਿੱਚ ਵੇਚਦਾ ਸੀ। ਪੁਲੀਸ ਅਨੁਸਾਰ ਮੁਲਜ਼ਮ ਖ਼ਿਲਾਫ਼ ਥਾਣਾ ਡੇਹਲੋਂ ਵਿੱਚ ਚੋਰੀ ਦਾ ਮਾਮਲਾ ਦਰਜ ਹੈ ਅਤੇ ਉਹ ਜ਼ਮਾਨਤ ’ਤੇ ਰਿਹਾਅ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਵਾਹਨ ਚੋਰੀ ਦੀ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਿੱਚ ਕੌਣ-ਕੌਣ ਸ਼ਾਮਲ ਹੈ।