ਖਨੌਰੀ ਬਾਰਡਰ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 52ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਸਮਰਥਨ ‘ਚ 111 ਲੋਕਾਂ ਵਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਦੂਜੇ ਦਿਨ ‘ਚ ਦਾਖਲ ਹੋ ਗਿਆ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਮੋਡ ‘ਚ ਹੈ। ਹਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਕਿਸਾਨ ਬੈਰੀਕੇਡਿੰਗ ਤੋਂ ਕਰੀਬ ਦੋ ਸੌ ਮੀਟਰ ਪਹਿਲਾਂ ਲਾਈ ਕੰਡਿਆਲੀ ਤਾਰ ਕੋਲ ਸ਼ਾਂਤੀ ਨਾਲ ਬੈਠ ਗਏ ਹਨ। ਇਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਆਏ ਹਨ। ਕਿਸਾਨਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਤੋਂ ਪਹਿਲਾਂ ਸਾਡੀ ਸ਼ਹਾਦਤ ਹੋਵੇਗੀ। ਉੱਥੇ ਹੀ ਦੂਜੇ ਪਾਸੇ ਹਰਿਆਣਾ ਪੁਲਿਸ ਨੇ ਵੀ ਸਰਹੱਦ ਉੱਤੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਹੋਰ ਫੋਰਸ ਤੈਨਾਤ ਕਰ ਦਿੱਤੀ ਹੈ।
ਸੁਪਰੀਮ ਕੋਰਟ ਨੇ ਬੀਤੀ ਕੱਲ੍ਹ ਯਾਨੀ 15 ਜਨਵਰੀ ਨੂੰ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਸਬੰਧੀ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਤੋਂ ਰਾਏ ਮੰਗੀ ਸੀ। ਬੁੱਧਵਾਰ ਨੂੰ ਹੋਈ ਸੁਣਵਾਈ ਵਿੱਚ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਹੁਣ ਤੱਕ ਦੀ ਡਾਕਟਰੀ ਜਾਂਚ ਦੀਆਂ ਸਾਰੀਆਂ ਰਿਪੋਰਟਾਂ ਮੰਗੀਆਂ ਸਨ।