ਲੁਧਿਆਣਾ, 28 ਅਪ੍ਰੈਲ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਦਿਓਲ ਵਲੋਂ ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਹਾਜ਼ਰੀ ਵਿੱਚ ਦਫ਼ਤਰ ਮਾਰਕੀਟ ਕਮੇਟੀ, ਕਿਲ੍ਹਾ ਰਾਏਪੁਰ ਵਿਖੇ ਕਮੇਟੀ ਦੇ ਚੇਅਰਮੈਨ ਵਜੋਂ ਆਪਣਾ ਅਹੁੱਦਾ ਸੰਭਾਲਿਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਲੁਧਿਆਣਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ, ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮ ਰਾਜ ਰਾਜ਼ੀ, ਮਾਰਕੀਟ ਕਮੇਟੀ ਦਾਖਾ ਦੇ ਚੇਅਰਮੇਨ ਹਰਨੇਕ ਸਿੰਘ ਛਪਾਰ ਤੋਂ ਇਲਾਵਾ ਹੋਰ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਅਹੁਦਾ ਸੰਭਾਲਣ ਤੋਂ ਬਾਅਦ ਚੇਅਰਮੈਨ ਜਗਦੀਪ ਸਿੰਘ ਦਿਓਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ। ਚੇਅਰਮੈਨ ਦਿਓਲ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸੱਚੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਸਖ਼ਤ ਉਪਰਾਲੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਨਦਾਤਾ ਨੂੰ ਮੰਡੀਆਂ ਵਿੱਚ ਕਿਸੇ ਪੱਖੋਂ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।
ਚੇਅਰਮੈਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਬਦਲੇ ਭ੍ਰਿਸ਼ਟਾਚਾਰ ਕਰਨ ਵਾਲੇ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ, ਚੇਅਰਮੈਨ ਤੇ ਹੋਰ ਸੀਨੀਅਰ ਸਾਥੀਆਂ ਨੇ ਵੀ ਇਹ ਭਰੋਸਾ ਜਤਾਇਆ ਕਿ ਦਿਓਲ ਇੱਕ ਨੌਜਵਾਨ, ਮਿਹਨਤੀ ਅਤੇ ਜੁਝਾਰੂ ਆਗੂ ਹਨ ਜੋ ਲੋਕਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।