ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਉੱਪ ਚੋਣਾ ਨੂੰ ਲੈ ਕੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਵਿੱਚ ਹੋਣ ਵਾਲੀਆਂ ਉੱਪ ਚੋਣਾ ਨੂੰ ਲੈ ਕੇ ਕੋਈ ਪਾਬੰਦੀ ਨਹੀਂ, ਚੋਣ ਲੜ ਸਕਦੇ ਹਨ। ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਸੰਬੰਧੀ ਮਾਮਲਾ ਸ਼੍ਰੀ ਅਕਾਲ ਤਖ਼ਤ ਵਿਚਾਰ ਅਧੀਨ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਡੀਓ ਰਾਹੀਂ ਸਪਸ਼ਟ ਕੀਤਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਬੰਧਤ ਮਾਮਲਾ ਸ਼੍ਰੀ ਅਕਾਲ ਤਖਤ ਵਿਖੇ ਵਿਚਾਰ ਅਧੀਨ ਹੈ। ਉਹਨਾਂ ਨੂੰ ਚੋਣ ਲੜਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ, ਪਰ ਬਾਕੀ ਪਾਰਟੀ ਤੇ ਕੋਈ ਪਾਬੰਦੀ ਨਹੀਂ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹਨਾਂ ਜਿਮਨੀ ਚੋਣਾਂ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਵਾਂਗ ਆਪਣੇ ਉਮੀਦਵਾਰ ਐਲਾਨ ਸਕਦੀ ਹੈ ਅਤੇ ਚੋਣ ਲੜ ਸਕਦੀ ਹੈ।
ਦੱਸ ਦੇਈਏ ਕਿ ਇੱਕ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਬੀਤੇ ਦਿਨ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਜਿਮਨੀ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਛੋਟ ਦਿੱਤੀ ਜਾਵੇ ਤਾਂ ਜੋ ਚੋਣ ਸਰਗਰਮੀਆਂ ਵਿੱਚ ਹਿੱਸਾ ਲੈ ਸਕਣ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਕੋਈ ਵੀ ਤਨਖਾਹੀਆ ਵਿਅਕਤੀ ਜਦੋਂ ਤੱਕ ਸ਼੍ਰੀ ਅਕਾਲ ਤਖਤ ਦੀ ਫਸੀਲ ਤੋਂ ਸੰਬੰਧਿਤ ਮਾਮਲੇ ਸਬੰਧੀ ਤਨਖਾਹ ਨਹੀਂ ਲਗਵਾ ਲੈਂਦਾ ਅਤੇ ਇਸ ਨੂੰ ਪੂਰਾ ਨਹੀਂ ਕਰ ਲੈਂਦਾ ਉਹ ਤਨਖਾਹੀਆ ਹੈ।ਕਿਸੇ ਵੀ ਤਨਖਾਹੀਏ ਵਿਅਕਤੀ ਨੂੰ ਛੋਟ ਨਹੀਂ ਦਿੱਤੀ ਜਾ ਸਕਦੀ।ਉਹਨਾਂ ਇਹ ਮਾਮਲਾ ਦੀਵਾਲੀ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨ ਦਾ ਭਰੋਸਾ ਦਿੱਤਾ ਸੀ।