ਜਲੰਧਰ,14 ਜੂਨ : ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਨੂੰ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਤੋਂ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਹੁਣ ਇੱਕ ਵਿਧਾਨ ਸਭਾ ਦੀ ਸੀਟ ਜਿੱਤ ਕੇ ਅਪਣਾ ਅਕਸ ਸੁਧਾਰਨ ਵਿੱਚ ਅੱਡੀ ਚੋਟੀ ਦਾ ਲਗਾਉਣ ਦੀ ਤਿਆਰੀ ਕਰ ਰਹੀ ਹੈ। ਚੰਡੀਗੜ੍ਹ ਵਿੱਚ ਹੋਈ ਕੈਬਨਿਟ ਦੀ ਮੀਟਿੰਗ ਬਾਅਦ ਅਹਿਮ ਫੈਸਲਾ ਲਿਆ ਗਿਆ ਕਿ ਮਾਝੇ ਤੇ ਦੁਆਬੇ ਦੇ ਇਲਾਕਿਆਂ ਦੇ ਨੇਤਾਵਾਂ ਨਾਲ ਸੰਪਰਕ ਰੱਖਣ ਲਈ ਜਲੰਧਰ ਛਾਉਣੀ ਵਿੱਚ ਮੁੱਖ ਮੰਤਰੀ ਪੰਜਾਬ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਨਾਲ ਕਿਰਾਏ ਦੇ ਮਕਾਨ ਵਿੱਚ ਰਹਿਣਗੇ।
ਲੋਕ ਸਭਾ ਚੋਣਾਂ ਵਿੱਚ 13 ਵਿੱਚੋ ਸਿਰਫ 3 ਸੀਟਾਂ ਜਿੱਤਣ ਤੋਂ ਬਾਅਦ ਘਬਰਾਈ ਹੁਣ ਜਲੰਧਰ ਵਿਧਾਨ ਸਭਾ ਪੱਛਮੀ ਸੀਟ ਜਿੱਤ ‘ਆਪ’ ਅਪਣਾ ਅਕਸ ਸੁਧਾਰਨ ਵਿੱਚ ਲੱਗੀ ਹੋਈ ਹੈ। ਸੀਐਮ ਭਗਵੰਤ ਸਿੰਘ ਮਾਨ ਹੁਣ ਚੋਣਾਂ ਖ਼ਤਮ ਹੋਣ ਤੱਕ ਜਲੰਧਰ ਛਾਉਣੀ ਦੇ ਦੀਪ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣਗੇ। ਦਸ ਦੇਈਏ ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਕਾਰਨ ਇਹ ਸੀਟ ਖਾਲੀ ਹੋਈ ਸੀ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣੀ ਹੈ।
ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਹਨ, ਪਰ ਹਾਲੇ ਤੱਕ ਕਿਸੇ ਵੀ ਰਾਜਨੀਤਿਕ ਧਿਰ ਵਲੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਆਮ ਆਦਮੀ ਪਾਰਟੀ ਲਈ ਇਹ ਸੀਟ ਵੱਕਾਰ ਦਾ ਸਵਾਲ ਬਣ ਗਈ ਹੈ। ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ‘ਆਪ’ ਉਮੀਦਵਾਰ ਸ਼ੀਤਲ ਅੰਗਰਾਲ ਨੇ ਜਿੱਤ ਪ੍ਰਾਪਤ ਕੀਤੀ ਸੀ, ਜੋ ਬਾਅਦ ਵਿੱਚ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ।