ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਦੀ ਰਫ਼ਤਾਰ ਬਹੁਤ ਮੱਠੀ ਹੈ। ਦੁਪਹਿਰ 1 ਵਜੇ ਤੱਕ ਸਿਰਫ 31 ਫੀਸਦੀ ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਕਈ ਥਾਵਾਂ ‘ਤੇ ਬਾਹਰਲੇ ਲੋਕਾਂ ਨੂੰ ਪੋਲਿੰਗ ਏਜੰਟ ਬਣਾਉਣ ਦੇ ਖੁਲਾਸੇ ਹੋਏ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਜ਼ਿਲ੍ਹਾ ਛੱਡਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਜਲੰਧਰ ਜ਼ਿਲ੍ਹਾ ਛੱਡ ਦੇਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸੇ ਦੌਰਾਨ ਸ਼ਾਹਕੋਟ ਦੇ ਪਿੰਡ ਰੂਪੇਵਾਲਾ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸੀ ਵਰਕਰਾਂ ਵਿੱਚ ਝੜਪ ਹੋ ਗਈ। ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਤੁੰਗ ਜਲੰਧਰ ਵਿੱਚ ਘੁੰਮ ਰਹੇ ਹਨ। ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਵੋਟਿੰਗ ਵਾਲੇ ਦਿਨ ਬਾਹਰੀ ਵਿਅਕਤੀ ਜਲੰਧਰ ਨਹੀਂ ਆ ਸਕਦੇ। ਇਸ ਦੇ ਬਾਵਜੂਦ ਵਿਧਾਇਕ ਇੱਥੋਂ ਦੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ। ਦੂਜੇ ਪਾਸੇ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਹੀ ਧੱਕੇਸ਼ਾਹੀ ਕੀਤੀ। ਜਿਸ ਤੋਂ ਬਾਅਦ ਵਿਧਾਇਕ ਟੌਂਗ ਨੂੰ ਉੱਥੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਵਿਧਾਇਕ ਨੂੰ ਬਾਹਰ ਕੱਢਿਆ ਅਤੇ ਹੁਣ ਥਾਣੇ ਲੈ ਗਈ ਹੈ।