ਜਲੰਧਰ ਸਿਟੀ ਪੁਲਿਸ ਨੇ ਜਾਅਲੀ ਲਾਇਸੈਂਸ ਅਤੇ ਹੋਰ ਦਸਤਾਵੇਜ਼ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਇੱਕ ਲੈਪਟਾਪ, ਦੋ ਪ੍ਰਿੰਟਰ, ਸਟੈਂਪ ਪੇਪਰ, 159 ਵਾਹਨ ਬੀਮਾ ਸਰਟੀਫਿਕੇਟ, 222 ਵਾਹਨ ਸਰਟੀਫਿਕੇਟ (ਕਿਊਆਰ ਕੋਡ ਸਮੇਤ), 57 ਆਰਸੀ ਟ੍ਰਾਂਸਫਰ ਫਾਈਲਾਂ, 35 ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ 180 ਅਰਜ਼ੀ ਫਾਰਮ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।
ਦੱਸ ਦਈਏ ਕਿ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਅਰਵਿੰਦ ਕੁਮਾਰ ਉਰਫ ਬਿੰਦੂ ਪੁੱਤਰ ਕਿਸ਼ੋਰੀ ਲਾਲ ਵਾਸੀ ਉਪਕਾਰ ਨਗਰ ਵਜੋਂ ਹੋਈ ਹੈ। ਪੁਲਿਸ ਜਲਦ ਹੀ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਲਵੇਗੀ।
ਏਡੀਸੀਪੀ ਪ੍ਰਤਾਪ ਸਿੰਘ ਸਹੋਤਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਗਰੋਹ ਜਾਅਲੀ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਬਣਾਉਣ ਦਾ ਧੰਦਾ ਕਰ ਰਿਹਾ ਹੈ। ਜਿਸ ਨੇ ਸ਼ਹਿਰ ਦੇ ਕਈ ਲੋਕਾਂ ਨਾਲ ਠੱਗੀ ਮਾਰੀ ਹੈ। ਪਤਾ ਲੱਗਿਆ ਹੈ ਕਿ ਇੱਕ ਵਿਅਕਤੀ ਆਰਟੀਓ ਅਤੇ ਟਰਾਂਸਪੋਰਟ ਦਫ਼ਤਰ ਦੇ ਮੁਲਾਜ਼ਮਾਂ ਦੀ ਮਦਦ ਨਾਲ ਇਸ ਰੈਕੇਟ ਨੂੰ ਚਲਾ ਰਿਹਾ ਸੀ। ਇਸ ਦੇ ਆਧਾਰ ‘ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨਾਲ ਹੀ ਏਡੀਸੀਪੀ ਸਹੋਤਾ ਨੇ ਦੱਸਿਆ ਕਿ ਮੁਲਜ਼ਮਾਂ ਦਾ ਨੈੱਟਵਰਕ ਪੂਰੇ ਪੰਜਾਬ ਵਿੱਚ ਫੈਲਿਆ ਹੋਇਆ ਹੈ। ਮੁੱਢਲੀ ਜਾਂਚ ਵਿੱਚ ਅਰਵਿੰਦ ਕੁਮਾਰ ਦਾ ਨਾਂ ਸਾਹਮਣੇ ਆਉਣ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫਤਾਰੀ ਤੋਂ ਬਾਅਦ ਵੀ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਥਾਣਾ ਡਿਵੀਜ਼ਨ ਨੰਬਰ 8 ਦੇ ਐਸਐਚਓ ਸੰਜੀਵ ਕੁਮਾਰ ਨੇ ਦੱਸਿਆ ਕਿ ਫਿਲਹਾਲ ਮੁਲਜ਼ਮ ਨੇ ਇਹ ਨਹੀਂ ਦੱਸਿਆ ਕਿ ਉਕਤ ਮੁਲਜ਼ਮ ਨੇ ਸਰਟੀਫਿਕੇਟ ਬਣਾਉਣ ਲਈ ਕਿੰਨੇ ਪੈਸੇ ਲਏ ਸਨ।