ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੂੰ ਸਥਾਈ ਜੱਜ ਨਿਯੁਕਤ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਕਾਨੂੰਨ ਅਤੇ ਨਿਆਂ ਮੰਤਰਾਲੇ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਕੀਤਾ ਗਿਆ ਹੈ। ਧਿਆਨ ਯੋਗ ਹੈ ਕਿ ਸੁਪਰੀਮ ਕੋਰਟ ਕਾਲੇਜੀਅਮ ਨੇ ਸਭ ਤੋਂ ਪਹਿਲਾਂ ਜੁਲਾਈ 2022 ਵਿੱਚ ਉਨ੍ਹਾਂ ਦੇ ਨਾਮ ਦੀ ਸਿਫਾਰਿਸ਼ ਕੀਤੀ ਸੀ।
ਜਸਟਿਸ ਬਰਾੜ ਦੀ ਨਿਯੁਕਤੀ ਦੀ ਸਿਫਾਰਸ਼ ਮਾਰਚ 2023 ਵਿੱਚ ਦੁਹਰਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਾਈ ਕੋਰਟ ਦਾ ਵਧੀਕ ਜੱਜ ਨਿਯੁਕਤ ਕੀਤਾ ਗਿਆ ਸੀ। ਹੁਣ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਸਥਾਈ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ।
ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 217 ਦੀ ਧਾਰਾ (1) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਸ਼ਟਰਪਤੀ ਨੇ ਜਸਟਿਸ ਹਰਪ੍ਰੀਤ ਸਿੰਘ ਬਰਾੜ, ਜੋ ਮੌਜੂਦਾ ਸਮੇਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਸੇਵਾ ਨਿਭਾਅ ਰਹੇ ਹਨ, ਉਨ੍ਹਾਂ ਨੂੰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਜਸਟਿਸ ਬਰਾੜ ਦੇ ਸਥਾਈ ਜੱਜ ਚੁਣੇ ਜਾਣ ਤੋਂ ਬਾਅਦ ਕੁੱਲ ਗਿਣਤੀ 52 ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਵੇਲੇ 85 ਮਨਜ਼ੂਰ ਅਸਾਮੀਆਂ ਹਨ। ਜਿਸ ਦੇ ਮੁਕਾਬਲੇ ਸਿਰਫ਼ 52 ਜੱਜ ਹੀ ਕੰਮ ਕਰ ਰਹੇ ਹਨ। ਜਿਸ ਤੋਂ ਬਾਅਦ ਹੁਣ ਵੀ 33 ਅਸਾਮੀਆਂ ਖਾਲੀ ਪਈਆਂ ਹਨ।