ਬਠਿੰਡਾ, 14 ਜੁਲਾਈ: ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ਕਾਰਨ ਹਰ ਕੋਈ ਚਿੰਤਤ ਹੈ। ਬਠਿੰਡਾ ਦੇ ਪਿੰਡ ਬੱਲੋ ਦੇ ਗੁਰਬਚਨ ਸਿੰਘ ਸੇਵਾ ਸੰਮਤੀ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਸੇਵਾ ਸੰਮਤੀ ਵਲੋਂ ਐਲਾਨ ਕੀਤਾ ਗਿਆ ਕਿ 25 ਜੂਨ ਤੋਂ ਬਾਅਦ ਝੋਨਾ ਲਾਉਣ ਵਾਲਿਆਂ ਨੂੰ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਜਥੇਬੰਦੀ ਵੱਲੋਂ 25 ਜੂਨ ਦੀ ਤਰੀਕ ਨਿਸ਼ਚਿਤ ਕੀਤੀ ਗਈ ਸੀ, ਕਿਉਂਕਿ ਮਾਨਸੂਨ ਆਮ ਤੌਰ ’ਤੇ 26-27 ਜੂਨ ਤੱਕ ਪੰਜਾਬ ਵਿੱਚ ਆ ਜਾਂਦਾ ਹੈ ਅਤੇ ਝੋਨੇ ਨੂੰ ਪਾਣੀ ਲਾਉਣ ਲਈ ਪਾਣੀ ਦੀ ਮੋਟਰ ਚਲਾਉਣ ਦੀ ਲੋੜ ਨਹੀਂ ਪੈਂਦੀ ਅਤੇ ਇਸ ਨਾਲ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਦੀ ਹੈ।
ਪਿੰਡ ਵਿੱਚ ਗੁਰਬਚਨ ਸਿੰਘ ਸੇਵਾ ਸੰਮਤੀ ਵਲੋਂ ਦਿੱਤੇ ਗਏ ਐਲਾਨ ਤੋਂ ਬਾਅਦ 25 ਜੂਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਝੋਨਾ ਲਾਇਆ। ਸੰਸਥਾ ਦੇ ਯਤਨਾਂ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ 25 ਜੂਨ ਤੋਂ ਬਾਅਦ 162 ਕਿਸਾਨਾਂ ਨੇ 1424 ਏਕੜ ਵਿੱਚ ਝੋਨਾ ਲਾਇਆ। ਸੰਸਥਾ ਨੇ ਇਨ੍ਹਾਂ ਕਿਸਾਨਾਂ ਨੂੰ ਇਹੀ ਰਕਮ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੀ, ਜਿਸ ਦੀ ਕੁੱਲ ਰਕਮ 7 ਲੱਖ 12000 ਰੁਪਏ ਬਣਦੀ ਹੈ। ਇਹ ਰਾਸ਼ੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਕਿਸਾਨਾਂ ਨੂੰ ਦਿੱਤੀ ਅਤੇ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਮੇਂ ਵਾਤਾਵਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਸੇਵਾ ਸੰਮਤੀ ਦੇ ਉੱਦਮ ਨੂੰ ਸਲਾਮ ਕਰਦੇ ਹਾਂ।
ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਕਿਹਾ ਕਿ ਸੰਸਥਾ ਵੱਲੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਆਪਣੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।ਪਰ ਸਰਕਾਰ ਨੂੰ ਵੀ ਝੋਨੇ ਸਬੰਧੀ ਕੋਈ ਨੀਤੀ ਬਣਾਉਣੀ ਚਾਹੀਦੀ ਹੈ ਕਿਉਂਕਿ ਝੋਨਾ ਪੰਜਾਬ ਦੀ ਫ਼ਸਲ ਨਹੀਂ ਹੈ ਅਤੇ ਨਾ ਹੀ ਇਸ ਦੀ ਪੰਜਾਬ ਵਿੱਚ ਜ਼ਿਆਦਾ ਖਪਤ ਹੁੰਦੀ ਹੈ।
ਗੁਰਬਚਨ ਸਿੰਘ ਸੇਵਾ ਸੰਮਤੀ ਦੇ ਮੁਖੀ ਗੁਰਮੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਤਿੰਨ ਪੀੜ੍ਹੀਆਂ ਪਿੰਡ ਵਿੱਚ ਸਾਂਝੇ ਕੰਮਾਂ ਵਿੱਚ ਲਗਾਤਾਰ ਸਹਿਯੋਗ ਕਰ ਰਹੀਆਂ ਹਨ ਅਤੇ ਉਹ ਚਾਹੁੰਦੇ ਹਨ ਕਿ ਉਨ੍ਹਾਂ ਦਾ ਪਿੰਡ ਵੀ ਵਾਤਾਵਰਨ ਅਤੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਇਸੇ ਤਰ੍ਹਾਂ ਦੇ ਉਪਰਾਲੇ ਕਰਦਾ ਰਹੇ।