ਪੰਜਾਬ ਦੇ ਲੁਧਿਆਣਾ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਸਿਆਸੀ ਹਮਲਾ ਕੀਤਾ ਹੈ। ਭਾਜਪਾ ਆਗੂ ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਲੋਕ ਸਭਾ ਜਿੱਤ ਜਾਂਦੇ ਹਨ ਤਾਂ ਉਹ ਪੰਜਾਬ ਵਿੱਚ ਅਮਨ ਪਸੰਦ ਲੋਕਾਂ ਨੂੰ ਨਹੀਂ ਰਹਿਣ ਦੇਣਗੇ।
ਅੰਮ੍ਰਿਤਪਾਲ ਸਿੰਘ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਹੈ ਅਤੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਵੀ ਚੋਣ ਲੜ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ 23 ਅਪ੍ਰੈਲ 2023 ਨੂੰ ਮੋਗਾ ਤੋਂ ਐਨਐਸਏ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ।
ਰਵਨੀਤ ਸਿੰਘ ਬਿੱਟੂ ਤਿੰਨ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ ਪਰ ਹਾਲ ਹੀ ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ। ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ, “ਇਸ ਵਾਰ ਪੰਜਾਬ ਦੇ ਲੋਕਾਂ ਨੇ ਫੈਸਲਾ ਕਰਨਾ ਹੈ। ਕੀ ਤੁਸੀਂ ਬੇਅੰਤ ਸਿੰਘ ਦੇ ਪਰਿਵਾਰ ਦਾ ਸਮਰਥਨ ਕਰੋਗੇ ਜਿਨ੍ਹਾਂ ਨੇ ਪੰਜਾਬ ਵਿੱਚ ਸ਼ਾਂਤੀ ਲਿਆਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ ਜਾਂ ਅੰਮ੍ਰਿਤਪਾਲ ਸਿੰਘ ਵਰਗੇ ਲੋਕਾਂ ਦਾ ਸਮਰਥਨ ਕਰੋਗੇ।
ਰਵਨੀਤ ਸਿੰਘ ਬਿੱਟੂ ਨੇ ਅੱਗੇ ਕਿਹਾ, “ਜਿਹੜੇ ਲੋਕ ਪੰਜਾਬ ਨੂੰ ਤੋੜਨਾ ਚਾਹੁੰਦੇ ਹਨ, ਉਹ ਅੰਮ੍ਰਿਤਪਾਲ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਜੇਕਰ ਉਹ ਜਿੱਤ ਗਿਆ ਤਾਂ ਸਾਨੂੰ ਪੰਜਾਬ ਛੱਡਣਾ ਪਵੇਗਾ। ਜੇਕਰ ਉਹ ਐਮ.ਪੀ ਬਣ ਗਿਆ ਤਾਂ ਤੁਸੀਂ ਆਪ ਹੀ ਅੰਦਾਜ਼ਾ ਲਗਾ ਸਕਦੇ ਹੋ ਕਿ ਸਥਿਤੀ ਕੀ ਹੋਵੇਗੀ।” ਇਹ ਚੋਣ ਅਮਨ ਪਸੰਦ ਪੰਜਾਬੀਆਂ ਨੂੰ ਹੀ ਕਰਨੀ ਪਵੇਗੀ ਤਾਂ ਅਮ੍ਰਿਤਪਾਲ ਵਰਗੇ ਲੋਕਾਂ ਨੂੰ ਭਾਰਤ ਵਿੱਚ ਰਹਿਣ ਨਹੀਂ ਦੇਵਾਂਗੇ।