ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਇਸ ਦੌਰਾਨ ਅੱਜ ਕੇਂਦਰ ਸਰਕਾਰ ਪੰਜਾਬ ਦੇ ਰਾਈਸ ਮਿੱਲਰਾਂ ਨਾਲ ਮੀਟਿੰਗ ਕਰਨ ਜਾ ਰਹੀ ਹੈ। ਮੀਟਿੰਗ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬੁਲਾਈ ਹੈ। ਇਸ ਵਿੱਚ ਰਾਈਸ ਮਿੱਲਰ ਆਪਣਾ ਮੁੱਦਾ ਉਠਾਉਣਗੇ। ਮੀਟਿੰਗ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਮੇਘਵਾਲ ਅਤੇ ਸੀਨੀਅਰ ਭਾਜਪਾ ਨੇਤਾ ਤਰੁਣ ਚੁੰਗ ਵੀ ਮੌਜੂਦ ਰਹਿਣਗੇ। ਹਾਲਾਂਕਿ ਇਸ ਤੋਂ ਪਹਿਲਾਂ ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਜ਼ੋਰਾਂ ‘ਤੇ ਚੱਲ ਰਹੀ ਹੈ। ਵਿਰੋਧੀ ਪਾਰਟੀਆਂ ਸੂਬਾ ਸਰਕਾਰ ਨੂੰ ਘੇਰ ਰਹੀਆਂ ਹਨ। ਜਦਕਿ ਸਰਕਾਰ ਦੇ ਮੰਤਰੀ ਇਸ ਪੂਰੇ ਮਾਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ।
ਇੱਥੇ ਦਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਅਧਿਕਾਰੀਆਂ ਨੇ ਨੌਂ ਦਿਨ ਪਹਿਲਾਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਚੌਲਾਂ ਦੀ ਲਿਫਟਿੰਗ ਨੂੰ ਲੈ ਕੇ ਮੀਟਿੰਗ ਕੀਤੀ ਸੀ। ਮੀਟਿੰਗ ਵਿੱਚ ਜੋਸ਼ੀ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਗੁਦਾਮਾਂ ਵਿੱਚ ਪਏ 120 ਲੱਖ ਮੀਟ੍ਰਿਕ ਟਨ ਚੌਲਾਂ ਦੀ 31 ਮਾਰਚ ਤੱਕ ਲਿਫਟਿੰਗ ਕਰ ਦਿੱਤੀ ਜਾਵੇਗੀ।