ਦਿ ਸਿਟੀ ਹੈੱਡ ਲਾਈਨਸ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦਿੱਲੀ ਆਬਕਾਰੀ ਘੁਟਾਲੇ ਦੇ ਦੋਸ਼ੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ ਕੋਈ ਰਾਹਤ ਨਹੀਂ ਦਿੱਤੀ ਹੈ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਫਰਵਰੀ ਤੱਕ ਵਧਾ ਦਿੱਤੀ ਹੈ। ਦਸ ਦੇਈਏ ਕਿ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ।
ਵਿਸ਼ੇਸ਼ ਜੱਜ ਐਮਕੇ ਨਾਗਪਾਲ ਦੇ ਸਾਹਮਣੇ ਜਾਂਚ ਏਜੰਸੀ ਨੇ ਸਿਸੋਦੀਆ ਦੀ ਪਟੀਸ਼ਨ ‘ਤੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਸੀ। ਦੱਸ ਦੇਈਏ ਕਿ ਸਿਸੋਦੀਆ ਨੇ ਆਪਣੀ ਨਿਯਮਤ ਜ਼ਮਾਨਤ ਦੇ ਨਾਲ-ਨਾਲ ਆਪਣੀ ਬੀਮਾਰ ਪਤਨੀ ਨੂੰ ਹਫ਼ਤੇ ਵਿੱਚ ਦੋ ਦਿਨ ਮਿਲਣ ਲਈ ਪੈਰੋਲ ਦੀ ਮੰਗ ਕੀਤੀ ਹੈ। ਜਾਂਚ ਏਜੰਸੀ ਨੇ ਅਦਾਲਤ ਵਿੱਚ ਸਿਸੋਦੀਆ ਦੀ ਪੈਰੋਲ ਅਰਜ਼ੀ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਅਦਾਲਤ ਨੇ ਸਿਸੋਦੀਆ ਦੀ ਹਿਰਾਸਤ ਵਧਾ ਦਿੱਤੀ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਫਰਵਰੀ 2023 ਵਿੱਚ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ।