ਅੰਮ੍ਰਿਤਸਰ, 27 ਅਗਸਤ : ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 5 ਪਾਵਨ ਸਰੂਪ ਸੜ ਗਏ। ਜਿਸ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਕ ਦਿਨ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅੰਗ ਫਟੇ ਹੋਏ ਮਿਲੇ। ਧਾਰਮਿਕ ਪੋਥੀਆਂ ਅਤੇ ਗੁਟਕਾ ਸਾਹਿਬ ਦੇ ਅੰਗ ਵੀ ਫਟੇ ਦਿਖਾਈ ਦਿੱਤੇ।
ਘਟਨਾ ਉਦੋਂ ਸਾਹਮਣੇ ਆਈ ਜਦੋਂ ਉਕਤ ਸਥਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਗ੍ਰਾਮ ਪੰਚਾਇਤ ਅਟਾਰੀ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਕ ਬਾਬੇ ਅਤੇ ਉਸ ਦੇ ਸਾਥੀਆਂ ਵੱਲੋਂ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ਦੀ ਨੀਯਤ ਨਾਲ ਸਰਕਾਰੀ ਸਕੂਲ ਦੀ ਲਾਇਬ੍ਰੇਰੀ ਵਿਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਪ੍ਰਕਾਸ਼ ਕਰ ਦਿੱਤੇ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਫਟੇ ਨਜ਼ਰ ਆਏ। ਗੁਟਕਾ ਸਾਹਿਬ ਅਤੇ ਧਾਰਮਿਕ ਪੋਥੀਆਂ ਫਟੀਆਂ ਸਨ। ਸਤਿਕਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਥਾਣਾ ਘੜਿੰਡਾ ਵਿਖੇ ਰਿਪੋਰਟ ਦਰਜ ਕਰਵਾਈ ਗਈ ਸੀ। ਐੱਸਐੱਚਓ ਕਰਮਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।