ਨਵਾਂਸ਼ਹਿਰ, 30 ਸਤੰਬਰ : ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆੜ੍ਹਤੀਆਂ, ਮਿਲਰਾਂ (ਸ਼ੈਲਰ ਮਾਲਕਾਂ) ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਪੰਜਾਬ ਵਿਚ ਆੜ੍ਹਤੀ, ਕਿਸਾਨ, ਮਿਲਰ ਅਤੇ ਖ਼ਰੀਦ ਏਜੰਸੀਆਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿਚ ਇਕ ਅਹਿਮ ਕੜੀ ਬਣ ਕੇ ਖੇਤੀਬਾੜੀ ਪ੍ਰਣਾਲੀ ਦੇ ਸਤੰਭ ਵਜੋਂ ਆਪਣੀ ਭੂਮਿਕਾ ਅਦਾ ਕਰਦੇ ਹਨ । ਉਨ੍ਹਾਂ ਕਿਹਾ ਕਿ ਇਸ ਕੜੀ ਨੂੰ ਮਜਬੂਤ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਹਰ ਸੰਭਵ ਉਪਰਾਲੇ ਕਰ ਰਿਹਾ ਹੈ ਤਾਂ ਜੋ ਅਗਾਮੀ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ,ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾਂ ਆਉਂਣ ਦਿੱਤੀ ਜਾਵੇ । ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਵੀ ਮੌਜੂਦ ਸਨ ।
ਆੜ੍ਹਤੀਆਂ, ਕਿਸਾਨਾਂ, ਸ਼ੈਲਰ ਮਾਲਕਾਂ ਅਤੇ ਖ਼ਰੀਦ ਏਜੰਸੀਆਂ ਵਿਚਾਲੇ ਇਕ ਸੰਯੁਕਤ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੀਟਿੰਗ ਦਾ ਮਨੋਰਥ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਿਸ਼ਚਿਤ ਕੀਮਤ ‘ਤੇ ਭੁਗਤਾਨ ਕਰਵਾਉਣਾ ਹੈ। ਆੜ੍ਹਤੀਆਂ, ਕਿਸਾਨਾਂ ਅਤੇ ਸ਼ੈਲਰ ਮਾਲਕਾਂ ਵੱਲੋਂ ਇਸ ਮੌਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਜਿਸ ‘ਤੇ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦਾ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ । ਉਨ੍ਹਾਂ ਦੱਸਿਆ ਕਿ ਅਗਾਮੀ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਜ਼ਿਲ੍ਹੇ ਦੀਆਂ ਸਮੂਹ 30 ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਦੀ ਜਿਨਸ ਮੰਡੀਆਂ ਵਿਚ ਆਉਂਦੇ ਸਾਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਦਾ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਹਮੇਸ਼ਾ ਉਨ੍ਹਾਂ ਦਾ ਖੈਰ- ਖਵਾਹ ਹੈ ।
ਇਸ ਮੌਕੇ ਆੜ੍ਹਤੀ ਅਤੇ ਰਾਈਸ ਮਿਲਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਭਰੋਸਾ ਦਿਵਾਇਆ ਕਿ ਜਿਨਸ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪ੍ਰੇਸ਼ਾਨੀ ਨਹੀਂ ਆਉਂਣ ਦਿੱਤੀ ਜਾਵੇਗੀ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਉਪ ਮੰਡਲ ਮੈਜਿਸਟ੍ਰੇਟ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਉਪ ਮੰਡਲ ਮੈਜਿਸਟ੍ਰੇਟ ਬੰਗਾ ਵਿਪਿਨ ਭੰਡਾਰੀ, ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ,, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਜਿੰਦਰ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ. ਚੰਦਨ ਸ਼ਰਮਾ ਤੋਂ ਇਲਾਵਾ ਤੋਂ ਇਲਾਵਾ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ ।