ਕਿਹਾ : ਪੁਲੀਸ ਵਿਭਾਗ ਵਿੱਚ ਜਲਦੀ ਹੀ ਸੁਧਾਰ ਦੇਖਣ ਨੂੰ ਮਿਲਣਗੇ
ਚੰਡੀਗੜ੍ਹ, 18 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਦੇ ਹੇਠਲੇ ਪੱਧਰ ਦੇ ਅਧਿਕਾਰੀਆਂ ਅਤੇ ਤਸਕਰਾਂ ਵਿਚਕਾਰ ਗਠਜੋੜ ਨੂੰ ਤੋੜਨ ਲਈ ਸਖ਼ਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੋ ਵੀ ਪੁਲਿਸ ਅਧਿਕਾਰੀ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ਪਾਇਆ ਗਿਆ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਵੇਗਾ ਅਤੇ ਸਮੱਗਲਰਾਂ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਮਾਨ ਨੇ ਕਿਹਾ ਕਿ ਵਿਭਾਗ ਨੂੰ ਮਜ਼ਬੂਤ ਕਰਨ ਲਈ 10,000 ਹੋਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਚੰਡੀਗੜ੍ਹ ਵਿੱਚ ਸੀਨੀਅਰ ਪੁਲੀਸ ਕਪਤਾਨਾਂ ਨਾਲ ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਪੁਲੀਸ ਵਿਭਾਗ ਵਿੱਚ ਜਲਦੀ ਹੀ ਸੁਧਾਰ ਦੇਖਣ ਨੂੰ ਮਿਲਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਸੰਪੰਨ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਨਕਦੀ ਜ਼ਬਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਾਨੂੰ ਸੁਰਾਗ ਮਿਲ ਗਏ ਹਨ ਕਿ ਉਹ ਕਿੱਥੋਂ ਆਏ ਸਨ ਅਤੇ ਉਨ੍ਹਾਂ ਦੀ ਮੰਜ਼ਿਲ ਕੀ ਸੀ। ਸਾਡੇ ਕੋਲ ਪੂਰੀ ਜਾਣਕਾਰੀ ਹੈ।
ਮਾਨ ਨੇ ਕਿਹਾ ਕਿ ਜਿਸ ਦਿਨ ਆਦਰਸ਼ ਚੋਣ ਜ਼ਾਬਤਾ ਖਤਮ ਹੋਇਆ, ਉਸ ਦਿਨ ਮੈਂ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਫ਼ੋਨ ਕਰਕੇ ਨਸ਼ਿਆਂ ਦੇ ਖ਼ਾਤਮੇ ‘ਤੇ ਕਾਰਵਾਈ ਕਰਨ ਲਈ ਕਿਹਾ ਸੀ। ਮਾਨ ਨੇ ਕਿਹਾ ਕਿ ਦੋਸ਼ ਹਨ ਕਿ ਅਧਿਕਾਰੀ 10 ਸਾਲ ਤੋਂ ਵੱਧ ਸਮੇਂ ਤੋਂ ਇੱਕ ਹੀ ਥਾਣੇ ਵਿੱਚ ਕੰਮ ਕਰ ਰਹੇ ਹਨ ਅਤੇ ਪੱਖਪਾਤ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੇਠਲੇ ਪੱਧਰ ਦੇ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਹੈ, ਇਸ ਲਈ ਸੂਬੇ ਦੇ ਪੁਲਿਸ ਮੁਖੀ ਨੂੰ ਪੁਲਿਸ ਥਾਣੇ ਵਿੱਚ ਤਾਇਨਾਤ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਪੁਲਿਸ ਅਧਿਕਾਰੀ ਨਸ਼ੇ ਦੀ ਵਿਕਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਇਸ ਨੂੰ ਪਾਪ ਵਜੋਂ ਦੇਖਿਆ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਸ ਨੂੰ ਬਰਖਾਸਤ ਕਰ ਦਿੱਤਾ ਜਾਵੇਗਾ। ਬਾਅਦ ਵਿੱਚ ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾਵੇਗੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਕਿੰਨੇ ਸਮੇਂ ਤੋਂ ਚੱਲ ਰਿਹਾ ਸੀ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਨਸ਼ਾ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੀ ਗ੍ਰਿਫਤਾਰੀ ਦੇ ਇਕ ਹਫਤੇ ਦੇ ਅੰਦਰ-ਅੰਦਰ ਉਸ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਦਸ ਹਜ਼ਾਰ ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ। 2002 ਵਿੱਚ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਦੀ ਗਿਣਤੀ 80-81 ਹਜ਼ਾਰ ਸੀ ਅਤੇ ਅੱਜ ਵੀ ਉਹੀ ਹੈ।