ਨਗਰ ਨਿਗਮ ਚੋਣਾਂ ਦੌਰਾਨ ਜਿੱਤ ਦੇ ਦਾਅਵੇ ਕਰਨ ਵਾਲੀਆਂ ਸਿਆਸੀ ਪਾਰਟੀਆਂ ਨਾਲ ਸਬੰਧਤ ਇਹ ਗੱਲ ਸਾਹਮਣੇ ਆਈ ਹੈ ਕਿ ਨਾਮਜ਼ਦਗੀਆਂ ਭਰਨ ਵਿੱਚ ਸਿਰਫ਼ ਕੁੱਝ ਹੀ ਘੰਟੇ ਬਾਕੀ ਰਹਿ ਜਾਣ ਦੇ ਬਾਵਜੂਦ ਆਪ, ਅਕਾਲੀ ਦਲ ਅਤੇ ਭਾਜਪਾ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਨਹੀਂ ਕਰ ਸਕੀ। ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਸਭ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਕਾਂਗਰਸ ਅਤੇ ਭਾਜਪਾ ਵੱਲੋਂ ਸੂਚੀ ਜਾਰੀ ਕੀਤੀ ਗਈ।
ਕਾਂਗਰਸ ਵੱਲੋਂ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਭਾਜਪਾ ਵੱਲੋਂ ਅਜੇ ਵਾਰਡ 80 ਅਤੇ 90 ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਅਤੇ ਅਕਾਲੀ ਦਲ ਵੱਲੋਂ ਦੂਜੀ ਸੂਚੀ ਜਾਰੀ ਕਰਨ ਦੇ ਬਾਵਜੂਦ ਇਸ ਦੇ 95 ਉਮੀਦਵਾਰ ਪੂਰੇ ਨਹੀਂ ਹੋਏ।
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਜੋ ਲਿਸਟ ਜਾਰੀ ਕੀਤੀ ਗਈ ਹੈ। ਉਸ ਵਿੱਚ ਪਾਰਟੀ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਪਤਨੀ ਮੀਨੂੰ ਅਤੇ ਭਰਾ ਰਾਕੇਸ਼ ਪਰਾਸ਼ਰ, ਗੁਰਪ੍ਰੀਤ ਗੋਗੀ ਦੀ ਪਤਨੀ ਸੁਖਚੈਨ ਬੱਸੀ, ਮਦਨ ਲਾਲ ਬੱਗਾ ਦੇ ਪੁੱਤਰ ਅਮਨ ਖੁਰਾਣਾ ਅਤੇ ਕੁਲਵੰਤ ਸਿੱਧੂ ਦੇ ਪੁੱਤਰ ਯੁਵਰਾਜ ਸਿੰਘ ਦੇ ਨਾਂ ਸ਼ਾਮਲ ਹਨ।
ਜਿੱਥੇ ਬੁੱਧਵਾਰ ਦੇਰ ਸ਼ਾਮ ਆਮ ਆਦਮੀ ਪਾਰਟੀ ਵੱਲੋਂ ਤਸਵੀਰ ਸਾਫ਼ ਕਰ ਦਿੱਤੀ ਗਈ ਸੀ, ਉਥੇ ਹੀ ਵਾਰਡ 70 ਬਾਰੇ ਫੈਸਲਾ ਹੋਣਾ ਬਾਕੀ ਹੈ। ਜਿਸ ਦਾ ਭਾਜਪਾ ਦੇ ਸਾਬਕਾ ਕੌਂਸਲਰ ਮਿੰਟੂ ਸ਼ਰਮਾ ਦੇ ‘ਆਪ’ ਵਿੱਚ ਸ਼ਾਮਲ ਹੋਣ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਾਬਕਾ ਕੌਂਸਲਰ ਰਾਜੂ ਥਾਪਰ ‘ਆਪ’ ਦੇ ਦਾਅਵੇਦਾਰ ਵਜੋਂ ਕੰਮ ਕਰ ਰਹੇ ਹਨ।