ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ’ਚ ਨਿਯਮਾਂ ਦੀ ਉਲੰਘਣਾ ਕਰ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਰੋਕਣ ਲਈ ਨਗਰ ਨਿਗਮ ਪ੍ਰਸਾਸ਼ਨ ਨੇ ਸਖ਼ਤ ਕਦਮ ਚੁੱਕੇ ਜਾਣੇ ਸ਼ੁਰੂ ਕਰ ਦਿੱਤੇ ਹਨ। ਇਸ ਤਹਿਤ ਪਹਿਲੀ ਕਾਰਵਾਈ ਵਿਧਾਨ ਸਭਾ ਹਲਕਾ ਕੇਂਦਰੀ ’ਚ ਤਾਇਨਾਤ ਵਾਧੂ ਚਾਰਜ ਏਟੀਪੀ ਬਿਲਡਿੰਗ ਇੰਸਪੈਕਟਰ ਕੁਲਜੀਤ ਸਿੰਘ ਮਾਂਗਟ ਨੂੰ ਨਾਜਾਇਜ਼ ਉਸਾਰੀਆਂ ਨੂੰ ਰੋਕਣ ’ਚ ਅਸਫਲ ਰਹਿਣ ਤੇ ਡਿਊਟੀ ’ਚ ਅਣਗਹਿਲੀ ਵਰਤਣ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੁਲਜੀਤ ਮਾਂਗਟ ਖਿਲਾਫ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਦੇ ਦਫ਼ਤਰ ਵੱਲੋਂ ਭੇਜੀ ਗਈ ਰਿਪੋਰਟ ਦੇ ਆਧਾਰ ’ਤੇ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਗਏ ਹਨ। ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਕਿਹਾ ਕਿ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਨਾਜਾਇਜ਼ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ, ਨਹੀਂ ਤਾਂ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਬਿਲਡਿੰਗ ਇੰਸ. ਕੁਲਜੀਤ ਮਾਂਗਟ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਕਰਨ ’ਚ ਅਸਫਲ ਰਹੇ, ਜਿਸ ਕਾਰਨ ਡਿਊਟੀ ’ਚ ਅਣਗਹਿਲੀ ਕਰਨ ਕਾਰਨ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਕਮਿਸ਼ਨਰ ਡੇਚਲਵਾਲ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਇਮਾਰਤਾਂ ਬਣਾਉਣ ਨਹੀਂ ਤਾਂ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।