ਪਟਿਆਲਾ, 13 ਮਾਰਚ 2024 – ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਹੁਣ ਸਿਆਸਤ ਤੇਜ਼ ਹੋ ਗਈ ਹੈ। ਕੱਲ੍ਹ ਯਾਨੀ ਵੀਰਵਾਰ ਨੂੰ ਪੰਜਾਬ ਦੇ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਜਾਵੇਗੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਜਪਾ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਮੈਦਾਨ ਵਿੱਚ ਉਤਾਰੇਗੀ। 79 ਸਾਲਾ ਪ੍ਰਨੀਤ ਕੌਰ ਪਟਿਆਲਾ ਤੋਂ ਭਾਜਪਾ ਦੀ ਮਜ਼ਬੂਤ ਉਮੀਦਵਾਰ ਹੈ, ਕਿਉਂਕਿ ਪਟਿਆਲਾ ਵਿਚ ਉਸ ਦੀ ਚੰਗੀ ਪਕੜ ਹੈ।
ਕਾਂਗਰਸ ਤੋਂ ਦੂਰੀ ਬਣਾ ਕੇ ਰੱਖ ਰਹੀ ਪ੍ਰਨੀਤ ਕੌਰ ਬਾਰੇ ਪਾਰਟੀ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਇਸ ਵਾਰ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਬਦਲੇਗੀ। ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਮੀਟਿੰਗ ਦੌਰਾਨ ਇਸ ਗੱਲ ਦਾ ਪ੍ਰਗਟਾਵਾ ਕੀਤਾ ਸੀ। ਜਿਸ ਤੋਂ ਬਾਅਦ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ। ਦੱਸ ਦੇਈਏ ਕਿ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।
ਕੈਪਟਨ ਅਮਰਿੰਦਰ ਸਿੰਘ ਦੀ ਬਦੌਲਤ ਪਟਿਆਲਾ ਸਾਲ 2022 ਤੱਕ ਕਾਂਗਰਸ ਦਾ ਗੜ੍ਹ ਰਿਹਾ। ਸੰਸਦ ਮੈਂਬਰ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ ਜਿੱਤੀ ਸੀ। 2021 ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪ੍ਰਨੀਤ ਕੌਰ ਨੇ ਵੀ ਕਰੀਬ ਡੇਢ ਸਾਲ ਤੋਂ ਕਾਂਗਰਸ ਪਾਰਟੀ ਤੋਂ ਦੂਰੀ ਬਣਾ ਰੱਖੀ ਹੈ।