ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ 763 ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ ਕਰ ਰਹੇ ਹਨ। ਇਸ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੰਦਿਆ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਸਿੱਖ ਸੰਗਤ ਨੇ ਅੱਜ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਇਹ ਜੱਥਾ 14 ਨਵੰਬਰ ਨੂੰ ਬਾਘਾ ਬਾਡਰ ਦੇ ਰਾਸਤੇ ਸ਼੍ਰੀ ਨਨਕਾਣਾ ਸਾਹਿਬ ਜਾਵੇਗਾ। ਜਿੱਥੇ 15 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨਾਲ ਸੰਬੰਧਤ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਇਹ ਜੱਥਾ ਪਾਕਿਸਤਾਨ ਵਿੱਚ ਵੱਖ ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਦਾ ਹੋਇਆ 23 ਨਵੰਬਰ ਨੂੰ ਭਾਰਤ ਵਾਪਿਸ ਆਵੇਗਾ।