ਗੁਰਦਾਸਪੁਰ ਜ਼ਿਲ੍ਹੇ ਦੇ ਧਾਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਖੁਦ ਪਿੰਡ ਧਾਮ ਵਿਖੇ ਪੁੱਜੇ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਪੰਡ ਵਾਸੀਆਂ ਕੋਲੋਂ ਘਟਨਾ ਸਬੰਧੀ ਸਮੁੱਚੀ ਜਾਣਕਾਰੀ ਲਈ।
ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ ਹੋ ਗਏ ਸਨ। ਜਿਸ ਤੋਂ ਬਾਅਦ ਸੰਗਤ ਅਤੇ ਪ੍ਰਬੰਧਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ ਤੋਂ ਜਾਣੂ ਕਰਵਾਇਆ ਕਿ ਸੰਗਤਾਂ, ਪ੍ਰਬੰਧਕਾਂ, ਗੁਰੂ ਘਰ ਦੇ ਗ੍ਰੰਥੀ ਸਿੰਘਾਂ ਸਮੇਤ ਸਭ ਦਾ ਫ਼ਰਜ਼ ਬਣਦਾ ਹੈ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਾਸਤੇ ਠੋਸ ਪ੍ਰਬੰਧ ਕੀਤੇ ਜਾਣ।