ਲੁਧਿਆਣਾ, 6 ਅਗਸਤ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ ਦੀ ਮੰਗ ‘ਤੇ ਵਰ੍ਹਦਿਆਂ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਧਾਨ ਵਜੋਂ ਕਾਰਜਕਾਲ ਦੌਰਾਨ ਪੰਥ ਪੱਧਰ ‘ਤੇ ਕਈ ਗ਼ਲਤੀਆਂ ਹੋਈਆਂ ਹਨ। ਹਾਲਾਂਕਿ ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲੈਣਾ ਹੈ, ਜਿਸ ਦਾ ਮੁਆਫੀਨਾਮਾ ਵੀ ਸਾਹਮਣੇ ਆ ਚੁੱਕਾ ਹੈ। ਉਹ ਅੱਜ ਲੁਧਿਆਣਾ ਵਿੱਚ ਯੂਥ ਕਾਂਗਰਸ ਦੇ ਪ੍ਰੋਗਰਾਮ ‘ਸੰਵਾਦ ਯੁਵਾ ਕ੍ਰਾਂਤੀ’ ਵਿੱਚ ਸ਼ਾਮਿਲ ਹੋਣ ਤੋਂ ਪਹਿਲਾ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਖੁਦ ਯੂਥ ਕਾਂਗਰਸ ਵਿੱਚ ਰਹੇ ਹਨ, ਇਹ ਚੰਗਾ ਮੌਕਾ ਹੈ। ਇਸ ਦੌਰਾਨ ਰਾਹੁਲ ਗਾਂਧੀ ਨਾਲ ਕਿਸਾਨਾਂ ਦੀ ਮੀਟਿੰਗ ਸਬੰਧੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਸਿਰਫ਼ ਇੰਡੀਆ ਬਲਾਕ ਅਤੇ ਰਾਹੁਲ ਗਾਂਧੀ ਐਮਐਸਪੀ ਤੇ ਹੋਰ ਮੁੱਦਿਆਂ ਨੂੰ ਹੱਲ ਕਰ ਸਕਦੇ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਨੂੰ ਵਿਦੇਸ਼ ਨੀਤੀ ਦਾ ਗਿਆਨ ਨਹੀਂ ਹੈ ਤਾਂ ਉਨ੍ਹਾਂ ਨੂੰ ਬੋਲਣਾ ਹੀ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਸ਼ੇਖ ਹਸੀਨਾ ਦੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਭਾਰਤ ਨਾਲ ਚੰਗੇ ਸਬੰਧ ਸਨ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਉਹ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਵੀ ਜਾਣਗੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣਗੇ।