ਪੰਜਾਬ ‘ਚ ਵਿਧਾਨ ਸਭਾ ਉਪ ਚੋਣਾਂ ‘ਚ ਜਿੱਤ ਹਾਸਲ ਕਰਨ ਵਾਲੇ ਚਾਰ ਵਿਧਾਇਕ ਅੱਜ (ਸੋਮਵਾਰ) ਨੂੰ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸਵੇਰੇ 11:30 ਵਜੇ ਵਿਧਾਨ ਸਭਾ ਵਿੱਚ ਹੋਵੇਗਾ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ।
ਇਸ ਪ੍ਰੋਗਰਾਮ ਵਿੱਚ ਸੀਐਮ ਭਗਵੰਤ ਮਾਨ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ। ਜਦਕਿ ਸਾਰੇ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਦੇ ਹੁਣ 95 ਵਿਧਾਇਕ ਹੋ ਚੁੱਕੇ ਹਨ। ‘ਆਪ’ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ।
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ਲਈ ਨਵੰਬਰ ਮਹੀਨੇ ਵਿੱਚ ਜ਼ਿਮਨੀ ਚੋਣਾਂ ਹੋਈਆਂ ਸਨ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ.ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤ ਗਏ ਹਨ।
ਇਹ ਤਿੰਨੇ ਆਗੂ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਜਦੋਂਕਿ ਇਸ ਵਾਰ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ। ਹਾਲਾਂਕਿ ਪਹਿਲਾਂ ਇਸ ਸੀਟ ‘ਤੇ ‘ਆਪ’ ਦਾ ਕਬਜ਼ਾ ਸੀ। ਇੱਥੋਂ ਗੁਰਮੀਤ ਸਿੰਘ ਮੀਤ ਹੇਅਰ 2017 ਅਤੇ 2022 ਵਿੱਚ ਲਗਾਤਾਰ ਦੋ ਵਾਰ ਵਿਧਾਇਕ ਬਣੇ। 2022 ਵਿੱਚ ਵਿਧਾਇਕ ਬਣਨ ਤੋਂ ਬਾਅਦ ਉਹ ਸਰਕਾਰ ਵਿੱਚ ਮੰਤਰੀ ਬਣੇ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਏ ਕਰੀਬ ਢਾਈ ਸਾਲ ਹੋ ਗਏ ਹਨ। ਇਸ ਸਮੇਂ ਦੌਰਾਨ ਪਾਰਟੀ ਨੂੰ ਮੁੱਖ ਤੌਰ ‘ਤੇ ਇਕ ਲੋਕ ਸਭਾ ਅਤੇ ਇਕ ਵਿਧਾਨ ਸਭਾ ਉਪ ਚੋਣ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।