ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਸੂਬੇ ‘ਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਗਈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ‘ਚ ਸਰਕਾਰੀ ਖਰੀਦ ਏਜੰਸੀ ਪਨਗ੍ਰੇਨ ਨੇ ਪਹਿਲੀ ਢੇਰੀ ਖਰੀਦੀ। ਸਰਕਾਰੀ ਭਾਅ 2203 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਲੀ ਲੱਗੀ। ਬਘੌਰ ਦੇ ਕਿਸਾਨ ਖੇਮ ਸਿੰਘ ਦੀ ਪਹਿਲੀ ਢੇਰੀ ਵਿਕੀ। ਉਧਰ, ਸੀਐਮ ਭਗਵੰਤ ਮਾਨ 3 ਅਕਤੂਬਰ ਨੂੰ ਖੰਨਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਰਸਮੀ ਉਦਘਾਟਨ ਕਰਨ ਆ ਰਹੇ ਹਨ।
ਇਸਦੇ ਨਾਲ ਹੀ ਸਰਕਾਰ ਦੇ ਹੁਕਮ ਹਨ ਕਿ ਝੋਨੇ ਦੀ ਖਰੀਦ ਦਾ ਕੰਮ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਿਆ ਜਾਵੇ। ਜਿਸ ਕਾਰਨ ਖੰਨਾ ਮੰਡੀ ਵਿੱਚ ਖਰੀਦ ਸ਼ੁਰੂ ਕਰਵਾ ਦਿੱਤੀ ਗਈ। ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਖਰੀਦ ਸ਼ੁਰੂ ਕਰਵਾਈ।
ਉਨ੍ਹਾਂ ਦੱਸਿਆ ਕਿ 1 ਅਕਤੂਬਰ ਤੋਂ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਰ ਸ਼ੁਰੂ ਵਿੱਚ ਹੀ ਫ਼ਸਲ ਬਹੁਤ ਵਧੀਆ ਆ ਰਹੀ ਹੈ। ਉਮੀਦ ਹੈ ਕਿ ਬੰਪਰ ਫਸਲ ਹੋਵੇਗੀ। ਸੀਐਮ ਭਗਵੰਤ ਮਾਨ 3 ਅਕਤੂਬਰ ਨੂੰ ਆਉਣਗੇ ਅਤੇ ਆੜ੍ਹਤੀਆਂ, ਮਜ਼ਦੂਰਾਂ ਤੇ ਕਿਸਾਨਾਂ ਨੂੰ ਮਿਲਣਗੇ। ਉਨ੍ਹਾਂ ਅੱਗੇ ਆਪਣੀਆਂ ਮੰਗਾਂ ਰੱਖੀਆਂ ਜਾਣਗੀਆਂ। ਪ੍ਰਧਾਨ ਰੋਸ਼ਾ ਨੇ ਕਿਹਾ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਮਾਰਕੀਟ ਕਮੇਟੀ ਖੰਨਾ ਦੇ ਸਕੱਤਰ ਸੁਰਜੀਤ ਸਿੰਘ ਚੀਮਾ ਨੇ ਦੱਸਿਆ ਕਿ ਖੰਨਾ ਮੰਡੀ ਵਿੱਚ ਕਰੀਬ 20 ਹਜ਼ਾਰ ਕੁਇੰਟਲ ਝੋਨੇ ਦੀ ਆਮਦ ਹੋਈ। ਪਨਗਰੇਨ ਨੇ ਖਰੀਦ ਸ਼ੁਰੂ ਕਰ ਦਿੱਤੀ ਹੈ। 17 ਫੀਸਦੀ ਤੋਂ ਘੱਟ ਨਮੀ ਵਾਲਾ ਝੋਨਾ ਬਿਨਾਂ ਕਿਸੇ ਰੁਕਾਵਟ ਦੇ ਖਰੀਦਿਆ ਜਾ ਰਿਹਾ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਫ਼ਸਲ ਨੂੰ ਸੁਕਾ ਕੇ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਰਾਤ ਨੂੰ ਮੰਡੀ ਵਿੱਚ ਨਾ ਰਹਿਣਾ ਪਵੇ।