ਚੰਡੀਗੜ੍ਹ : ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਾ ਸਿਰਫ਼ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਦੇ ਆਧਾਰ ’ਤੇ ਸਗੋਂ ਅਦਾਲਤਾਂ ਵੱਲੋਂ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਿੱਚ ਲਿਆਂਦੀ ਜਾ ਰਹੀ ਤੇਜ਼ੀ ਦੇ ਰੂਪ ਵਿੱਚ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਵਿਰੁੱਧ ਰਣਨੀਤਕ ਪਹੁੰਚ ਰਾਹੀਂ ਸੂਬੇ ਵਿੱਚ ਆ ਰਹੀ ਫੈਸਲਾਕੁੰਨ ਤਬਦੀਲੀ ਦਾ ਸਪੱਸ਼ਟ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਦੇ ਸਮਰਥਨ ਨਾਲ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਹੁਣ ਕਾਨੂੰਨੀ ਤੌਰ ’ਤੇ ਮਜ਼ਬੂਤ ਕੇਸ ਬਣਾਉਣ ’ਤੇ ਧਿਆਨ ਕੇਂਦਰਿਤ ਕਰ ਰਹੀਆਂ ਹਨ ਤਾਂ ਜੋ ਤਸਕਰਾਂ ਨੂੰ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਣੀ ਯਕੀਨੀ ਬਣਾਈ ਜਾ ਸਕੇੇ।
ਪੁਲਿਸ ਅਧਿਕਾਰੀ, ਐਨਡੀਪੀਐਸ ਐਕਟ ਤਹਿਤ ਮਾਮਲਿਆਂ ਵਿੱਚ ਪੰਜਾਬ ਦੀ 88 ਫੀਸਦੀ ਸਜ਼ਾ ਦਰ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ, ਦਾ ਕਾਰਨ ਬਿਹਤਰ ਅਤੇ ਯੋਜਨਾਬੱਧ ਪੁਲਿਸਿੰਗ ਨੂੰ ਮੰਨਦੇ ਹਨ। ਇਸ ਵਿੱਚ ਮੁਕੱਦਮੇ ਦੀ ਅਗਵਾਈ ਵਾਲੀ ਜਾਂਚ, ਵਿਗਿਆਨਕ ਢੰਗ ਨਾਲ ਸਬੂਤ ਇਕੱਠਾ ਕਰਨਾ, ਨਸ਼ਿਆਂ ਦੇ ਨੈੱਟਵਰਕਾਂ ਦੀ ਵਿੱਤੀ ਟਰੈਕਿੰਗ ਅਤੇ ਤਕਨਾਲੋਜੀ-ਅਧਾਰਤ ਖੁਫੀਆ ਜਾਣਕਾਰੀ ਜੁਟਾਉਣਾ ਸ਼ਾਮਲ ਹੈ।
ਅਧਿਕਾਰਤ ਅੰਕੜਿਆਂ ਅਨੁਸਾਰ, ਸਾਲ 2022 ਵਿੱਚ ਅਦਾਲਤਾਂ ਵੱਲੋਂ ਫੈਸਲਾ ਕੀਤੇ 4812 ਐਨਡੀਪੀਐਸ ਮਾਮਲਿਆਂ ਵਿੱਚੋਂ ਕੁੱਲ 3870 ਕੇਸਾਂ ਵਿੱਚ ਸਜ਼ਾ ਹੋਈ, ਜੋ ਕਿ 80 ਫੀਸਦੀ ਸਜ਼ਾ ਦਰ ਨੂੰ ਦਰਸਾਉਂਦਾ ਹੈ। ਸਾਲ 2023 ਵਿੱਚ 6976 ਮਾਮਲਿਆਂ ਵਿੱਚੋਂ 5635 ਕਨਵਿਕਸ਼ਨਜ਼ ਹੋਈਆਂ ਤੇ ਇਹ ਅੰਕੜਾ 81 ਫੀਸਦ ਤੱਕ ਪਹੁੰਚ ਗਿਆ। ਇਸੇ ਤਰ੍ਹਾਂ ਸਾਲ 2024 ਵਿੱਚ 7281 ਮਾਮਲਿਆਂ ਵਿੱਚੋਂ 6219 ਦੋਸ਼ ਆਇਦ ਹੋਏ , ਜਿਸ ਨਾਲ ਸਜ਼ਾ ਦਰ 85 ਫੀਸਦੀ ਨੂੰ ਛੋਹ ਗਈ । ਸਾਲ 2025 ਵਿੱਚ, 7373 ਮਾਮਲਿਆਂ ਵਿੱਚੋਂ 6488 ਦੋਸ਼ੀ ਪਾਏ ਗਏ, ਜਿਸ ਨਾਲ ਇਹ ਦਰ 88 ਫੀਸਦ ਤੱਕ ਜਾ ਅੱਪੜੀ। ਸਾਲ 2026 ਵਿੱਚ, ਹੁਣ ਤੱਕ ਫੈਸਲਾ ਕੀਤੇ ਗਏ 1831 ਐਨਡੀਪੀਐਸ ਮਾਮਲਿਆਂ ਵਿੱਚੋਂ 1634 ਦੋਸ਼ੀਆਂ ਨੂੂੰ ਸਜ਼ਾ ਹੋਈ , ਜਿਸ ਨਾਲ ਇਹ ਦਰ 89 ਫੀਸਦ ਹੋ ਗਈ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ।
ਇਹ ਨਤੀਜੇ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਕਰਕੇ ਸੰਭਵ ਹੋਏ ਹਨ, ਜਿਸਨੇ ਇਨਫੋਰਸਮੈਂਟ ਏਜੰਸੀਆਂ ਨੂੰ ਮਜ਼ਬੂਤ ਨੀਤੀਗਤ ਦਿਸ਼ਾ ਦਿੱਤੀ ਅਤੇ ਸੰਸਥਾਗਤ ਸਮਰਥਨ ਪ੍ਰਦਾਨ ਕੀਤਾ ਹੈ। ਇਸ ਦਾ ਮੁੱਖ ਉਦੇਸ਼ ਨਸ਼ਾ ਵਿਰੋਧੀ ਯਤਨਾਂ ਵਿੱਚ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਤੋਂ ਅੱਗੇ ਸਮਾਂਬੱਧ ਸਜ਼ਾਵਾਂ ਨੂੰ ਯਕੀਨੀ ਬਣਾਉਣਾ ਹੈ।
ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਫਲਤਾ ਦਾ ਕਾਰਨ ਪੁਲਿਸਿੰਗ ਦੇ ਬੁਨਿਆਦੀ ਢੰਗ ਵਿੱਚ ਲਿਆਂਦੀ ਤਬਦੀਲੀ ਹੈ। ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਨਹੀਂ ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਉਨ੍ਹਾਂ ਨੂੰ ਜੇਲ੍ਹ ਵੀ ਭੇਜਿਆ ਜਾਵੇ। ਹੁਣ ਪੁਲਿਸ ਤਕਨੀਕੀ ਤੇ ਅਜੋਕੇ ਢੰਗਾਂ ਨਾਲ ਜਾਂਚ ਕਰਦੀ ਹੈ ਅਤੇ ਉੱਚਤਮ ਕਾਨੂੰਨੀ ਮਾਪਦੰਡਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਤਰ੍ਹਾਂ ਕੇਸ ਤਿਆਰ ਕੀਤਾ ਜਾਂਦਾ ਹੈ ਕਿ ਅਦਾਲਤ ਵਿਚ ਮੁਕੱਦਮੇ ਦੀ ਮਜ਼ਬੂਤੀ ਨਾਲ ਪੈਰਵਾਈ ਹੋਵੇ। ਉਨ੍ਹਾਂ ਅੱਗੇ ਕਿਹਾ,‘‘ ਨਸ਼ਾ ਜ਼ਬਤੀ ਤੋਂ ਲੈ ਕੇ ਦਸਤਾਵੇਜ਼ਾਂ ਅਤੇ ਫੋਰੈਂਸਿਕ ਜਾਂਚ ਤੱਕ ਹਰ ਕਦਮ ’ਤੇ ਐਨਡੀਪੀਐਸ ਪ੍ਰਕਿਰਿਆਵਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਂਦੀ ਹੈ ਤਾਂ ਜੋ ਕੋਈ ਤਸਕਰ ਕਿਸੇ ਸਿਰਫ਼ ਤਕਨੀਕੀ ਊਣਤਾਈ ਕਾਰਨ ਸਜ਼ਾ ਤੋਂ ਨਾ ਬਚ ਜਾਵੇ।’’




