ਚੰਡੀਗੜ੍ਹ, 4 ਮਾਰਚ 2024 – ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (GST) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ । ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਆਰਥਿਕ ਪੱਖੋਂ ਮਜ਼ਬੂਤ ਲਹੋ ਰਿਹਾ ਹੈ ਤੇ ਇਸਦਾ ਮਾਲੀਆ ਲਗਾਤਾਰ ਵੱਧ ਰਿਹਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਸੂਬਾ ਵਿੱਤੀ ਸੁਧਾਰਾਂ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਤੱਕ ਕੁੱਲ ਜੀ.ਐਸ.ਟੀ ਪ੍ਰਾਪਤੀ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ ਇਕੱਠੇ ਕੀਤੇ 16615.52 ਕਰੋੜ ਰੁਪਏ ਦੇ ਮੁਕਾਬਲੇ 19222.5 ਕਰੋੜ ਰੁਪਏ ਰਹੀ ਅਤੇ 2606.98 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਆਬਕਾਰੀ ਤੋਂ ਮਾਲੀਏ ਵਿੱਚ ਵਾਧਾ ਵੀ 8093.59 ਕਰੋੜ ਰੁਪਏ ਦੇ ਸੰਗ੍ਰਹਿ ਦੇ ਨਾਲ 842.72 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਦਰਸਾਉਂਦਾ ਹੈ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 7244.87 ਕਰੋੜ ਰੁਪਏ ਪ੍ਰਾਪਤ ਹੋਏ ਸਨ । ਉਨ੍ਹਾਂ ਕਿਹਾ ਕਿ ਬਿਹਤਰ ਯੋਜਨਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਦਕਾ ਰਾਜ ਨੇ ਫਰਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ 34,158 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕਰਦਿਆਂ ਸ਼ੁੱਧ ਕਰ ਮਾਲੀਏ ਵਿੱਚ 13.85 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ।