ਪੰਜਾਬ-ਚੰਡੀਗੜ੍ਹ ‘ਚ ਸੀਤ ਲਹਿਰ ਤੋਂ ਬਾਅਦ ਹੁਣ ਧੁੰਦ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਪੰਜਾਬ ਦੇ ਪਠਾਨਕੋਟ ਵਿੱਚ ਤਾਪਮਾਨ 3 ਡਿਗਰੀ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਤਾਪਮਾਨ 7 ਡਿਗਰੀ ਦੇ ਆਸ-ਪਾਸ ਪਹੁੰਚ ਗਿਆ।
ਇਸ ਦੇ ਨਾਲ ਹੀ ਪੰਜਾਬ ਦੇ ਮਾਝੇ ਦੇ ਜ਼ਿਲ੍ਹਿਆਂ ਵਿੱਚ ਸਵੇਰੇ ਹਲਕੀ ਬੂੰਦਾਬਾਂਦੀ ਹੋਈ। ਲੁਧਿਆਣਾ ਵਿੱਚ ਵੀ ਅੱਜ ਬਾਰਿਸ਼ ਹੋ ਰਹੀ ਹੈ। ਅੰਮ੍ਰਿਤਸਰ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਬੱਦਲ ਛਾਏ ਹੋਏ ਹਨ। ਧੁੰਦ ਨੂੰ ਲੈ ਕੇ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਹੀ ਹੈ। ਜਿਸ ਮਗਰੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਅਨੁਸਾਰ 27 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਧੁੰਦ ਖੁੱਲੇ ਇਲਾਕਿਆਂ ਵਿੱਚ ਹੋਰ ਵੀ ਪਰੇਸ਼ਾਨੀ ਪੈਦਾ ਕਰੇਗੀ। ਇਸ ਦੇ ਨਾਲ ਹੀ ਦੁਪਹਿਰ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ ਆਮ ਦੇ ਨੇੜੇ ਰਹੇਗਾ।
ਪੰਜਾਬ ਵਿੱਚ ਇੱਕ ਪੱਛਮੀ ਗੜਬੜ ਚੱਕਰਵਾਤ ਦੇ ਰੂਪ ਵਿੱਚ ਸਰਗਰਮ ਹੋ ਗਈ ਹੈ। ਇਸ ਦੇ ਨਾਲ ਹੀ ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਇਕ ਹੋਰ ਚੱਕਰਵਾਤੀ ਚੱਕਰ ਵੀ ਸਰਗਰਮ ਹੈ। ਜਿਸ ਤੋਂ ਬਾਅਦ ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੈਦਾਨੀ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।