ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਉੱਤੇ ਦਬਾਅ ਬਣਾ ਰਹੀ ਹੈ ਤਾਂ ਕਿ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਖਰੀਦਣ ਮਗਰੋਂ ਮੰਡੀਆਂ ਵਿੱਚੋਂ ਲਿਫਟਿੰਗ ਵੀ ਨਾਲੋ-ਨਾਲ ਕੀਤੀ ਜਾਵੇ। ਸਿਹਤ ਮੰਤਰੀ ਨੇ ਅੱਜ ਸ਼ਾਮ ਲੰਗ, ਲੌਟ ਤੇ ਪਟਿਆਲਾ ਅਨਾਜ ਮੰਡੀਆਂ ਤੇ ਹੋਰ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਕੀਤੇ ਝੋਨੇ ਦੀ ਹੁਣ ਤੇਜ਼ੀ ਨਾਲ ਲਿਫ਼ਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਅੱਜ ਇਕ ਦਿਨ ਅੰਦਰ ਕਰੀਬ 21 ਹਜ਼ਾਰ ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ ਹੈ ਅਤੇ ਆਉਂਦੇ ਦਿਨਾਂ ਵਿੱਚ ਲਿਫ਼ਟਿੰਗ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਉਹ ਖ਼ੁਦ, ਏਡੀਸੀਜ਼, ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਮੰਡੀਆਂ ਵਿੱਚ ਤਾਇਨਾਤ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਹੁ ਗਿਣਤੀ ਸ਼ੈਲਰਾਂ ਨਾਲ ਸਮਝੋਤੇ ਸਹੀਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਦਿੱਕਤ ਨਹੀਂ ਹੈ।
ਉਨ੍ਹਾਂ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਅਤੇ ਐਫ.ਸੀ.ਆਈ. ਦੇ ਅਧਿਕਾਰੀਆਂ ਨੂੰ ਲਿਫ਼ਟਿੰਗ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਆ ਰਹੀ ਜਿਣਸ ਨਾਲੋਂ ਜ਼ਿਆਦਾ ਮਾਤਰਾ ਵਿੱਚ ਲਿਫ਼ਟਿੰਗ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਝੋਨਾ ਲੈਕੇ ਆਏ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਫਸਲਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਦਿੱਤੀ ਜਾਂਦੀ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ।