ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਗੈਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਹਾਲਾਂਕਿ, ਇਸ ਸਬੰਧ ਵਿੱਚ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਏਜੀ ਵੱਲੋਂ ਇਸ ਸੰਬੰਧੀ ਕੋਈ ਬਿਆਨ ਆਇਆ ਹੈ।
ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿੱਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੋਈ ਸੀ। ਵਿਨੋਦ ਘਈ ਨੇ ਵੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਆਪਣੇ ਸਾਰੇ 232 ਕਾਨੂੰਨ ਅਧਿਕਾਰੀਆਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ। ਜਿਸ ਨੂੰ ਦਫ਼ਤਰ ਦੇ ਪੁਨਰਗਠਨ ਅਤੇ ਕੁਸ਼ਲਤਾ ਵਧਾਉਣ ਲਈ ਇੱਕ ਰੁਟੀਨ ਪ੍ਰਕਿਰਿਆ ਵਜੋਂ ਦਰਸਾਇਆ ਗਿਆ ਸੀ। ਹੁਣ, ਐਡਵੋਕੇਟ ਜਨਰਲ ਦੇ ਅਸਤੀਫ਼ੇ ਤੋਂ ਬਾਅਦ, ਸਰਕਾਰ ਨੂੰ ਇੱਕ ਨਵਾਂ ਏਜੀ ਨਿਯੁਕਤ ਕਰਨਾ ਪਵੇਗਾ।
ਪਿਛਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ ਐਡਵੋਕੇਟ ਜਨਰਲ ਦੇ ਅਹੁਦੇ ਵਿੱਚ ਕਈ ਬਦਲਾਅ ਹੋਏ ਹਨ। ਇਸ ਤੋਂ ਪਹਿਲਾਂ ਅਨਮੋਲ ਰਤਨ ਸਿੱਧੂ ਅਤੇ ਵਿਨੋਦ ਘਈ ਇਸ ਅਹੁਦੇ ‘ਤੇ ਰਹਿ ਚੁੱਕੇ ਹਨ। ਪਿਛਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ ਪੰਜ ਐਡਵੋਕੇਟ ਜਨਰਲਾਂ ਨੇ ਅਸਤੀਫ਼ਾ ਦੇ ਦਿੱਤਾ ਹੈ, ਜਿਨ੍ਹਾਂ ਵਿੱਚੋਂ ਇੱਕ ਨੇ ਸਿਰਫ਼ ਇੱਕ ਮਹੀਨੇ ਲਈ ਇਸ ਅਹੁਦੇ ‘ਤੇ ਕੰਮ ਕੀਤਾ।