ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਦੌਰਾਨ ਇੱਕ ਔਰਤ ਤੋਂ ਨਾਮਜ਼ਦਗੀ ਦੀ ਫਾਈਲ ਖੋਹਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਦਿਖਾਈ ਹੈ। ਅਦਾਲਤ ਨੇ ਇਸ ਘਟਨਾ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ 4 ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਅਦਾਲਤ ਨੇ ਪੁਲਿਸ ਨੂੰ ਸ਼ਾਮ 5 ਵਜੇ ਤੱਕ ਦਾ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਅਦਾਲਤ ਵਿੱਚ ਮੁੜ ਸੁਣਵਾਈ ਹੋਵੇਗੀ। ਫਿਰ ਨਗਰ ਨਿਗਮ ਚੋਣਾਂ ਸਬੰਧੀ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਲਗਾਤਾਰ 2 ਦਿਨਾਂ ਤੋਂ ਪਟਿਆਲਾ ਨਗਰ ਨਿਗਮ ਨੂੰ ਲੈ ਕੇ ਹਾਈਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਇਸ ਦੌਰਾਨ ਜਿਵੇਂ ਹੀ ਪਟੀਸ਼ਨਰ ਨੇ ਅਦਾਲਤ ‘ਚ ਕੁਝ ਵੀਡੀਓਜ਼ ਦਿਖਾਈਆਂ ਤਾਂ ਇਹ ਗੱਲ ਸਾਹਮਣੇ ਆਈ ਕਿ ਕੁਝ ਲੋਕ ਪੁਲਿਸ ਦੀ ਮੌਜੂਦਗੀ ‘ਚ ਇਕ ਔਰਤ ਤੋਂ ਨਾਮਜ਼ਦਗੀ ਪੱਤਰ ਖੋਹ ਕੇ ਭੱਜ ਗਏ। ਅਦਾਲਤ ਨੇ ਇਸ ‘ਤੇ ਸਖ਼ਤੀ ਦਿਖਾਈ। ਨਾਲ ਹੀ ਕਿਹਾ ਕਿ 15 ਮਿੰਟਾਂ ਦੇ ਅੰਦਰ ਅੰਦਰ ਇਨ੍ਹਾਂ ਚਾਰਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਉਧਰ, ਪੰਜਾਬ ਦੇ ਸਰਕਾਰੀ ਵਕੀਲ ਨੇ ਕਿਹਾ ਕਿ ਉਸ ਨੂੰ ਕੁਝ ਸਮਾਂ ਦਿੱਤਾ ਜਾਵੇ।