ਪੰਜਾਬ ਪੁਲਿਸ ਵੱਲੋਂ ਅੱਜ (ਬੁੱਧਵਾਰ) ਪੂਰੇ ਸੂਬੇ ਵਿੱਚ ਅਪਰਾਧੀਆਂ ਨੂੰ ਨੱਥ ਪਾਉਣ ਲਈ ਆਪ੍ਰੇਸ਼ਨ CASO ਚਲਾਇਆ ਜਾ ਰਿਹਾ ਹੈ। ਇਸ ਆਪ੍ਰੇਸ਼ਨ ਦੀ ਅਗਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਖੁਦ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੈਦਾਨ ਵਿੱਚ ਆ ਗਏ ਹਨ। ਇਹ ਆਪ੍ਰੇਸ਼ਨ ਸੇਫ ਨੇਬਰਹੁੱਡ ਦੀ ਤਰਜ਼ ‘ਤੇ ਚੱਲ ਰਿਹਾ ਹੈ। ਇਸ ਦੌਰਾਨ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਉਨ੍ਹਾਂ ਸਾਰੇ ਇਲਾਕਿਆਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ।
ਸੂਬੇ ‘ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਹਫ਼ਤੇ ਦੁਸਹਿਰਾ ਹੈ, ਜਦਕਿ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਅਜਿਹੇ ‘ਚ ਪੁਲਿਸ ਕਿਸੇ ਵੀ ਤਰ੍ਹਾਂ ਦੀ ਨਰਮੀ ਦਿਖਾਉਣ ਦੇ ਮੂਡ ‘ਚ ਨਹੀਂ ਹੈ। ਇਹ ਆਪ੍ਰੇਸ਼ਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਿਹਾ ਹੈ। ਇਸ ਲਈ ਪੂਰੀ ਰਣਨੀਤੀ ਤਿਆਰ ਕੀਤੀ ਗਈ ਸੀ। ਇਸ ਵਿੱਚ 412 ਥਾਣਿਆਂ ਦੀ ਪੁਲਿਸ ਸ਼ਾਮਲ ਹੈ। ਆਪ੍ਰੇਸ਼ਨ ਵਿੱਚ 8 ਹਜ਼ਾਰ ਤੋਂ ਵੱਧ ਕਰਮਚਾਰੀ ਸ਼ਾਮਲ ਕੀਤੇ ਗਏ ਹਨ। ਇਸ ਲਈ ਪੂਰੀ ਯੋਜਨਾ ਤਿਆਰ ਕੀਤੀ ਗਈ ਸੀ। ਸ਼ੱਕੀ ਲੋਕਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ।
ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਅਪਰਾਧੀਆਂ, ਨਸ਼ਾ ਤਸਕਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਸੂਚੀ ‘ਚ ਸ਼ਾਮਲ ਲੋਕਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਸਰਹੱਦੀ ਖੇਤਰਾਂ ਵਿੱਚ ਵੀ ਅਜਿਹੀ ਹੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਡੀ ਕੋਸ਼ਿਸ਼ ਸੂਬੇ ‘ਚ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਦੀ ਹੈ। ਇਸ ਤੋਂ ਪਹਿਲਾਂ ਕਰੀਬ 7 ਵਾਰ CASO ਆਪ੍ਰੇਸ਼ਨ ਕੀਤਾ ਜਾ ਚੁੱਕਾ ਹੈ। ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।