ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸ਼ੁਭਮ ਕੁਮਾਰ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ – ਦੋ 9 ਐਮਐਮ ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ – ਸਮੇਤ 13 ਜਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ (ਕੇਏ 42 ਐਮ 5357) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਰੈਕੇਟ ਦੇ ਰਾਜਸਥਾਨ ਅਧਾਰਿਤ ਇੱਕ ਹੋਰ ਕਾਰਕੁਨ ਭੁਪਿੰਦਰ ਸਿੰਘ, ਜੋ ਕਿ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਦੱਸਿਆ ਜਾਂਦਾ ਹੈ, ਨੂੰ ਵੀ ਮਾਮਲੇ ‘ਚ ਨਾਮਜ਼ਦ ਕੀਤਾ ਹੈ। ਇਹ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਅੱਗੇ ਅਪਰਾਧਿਕ ਤੱਤਾਂ ਨੂੰ ਭੇਜਣ ਲਈ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਭੁਪਿੰਦਰ ਸਿੰਘ ਨੂੰ ਕਾਬੂ ਕਰਨ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਮੁਲਜ਼ਮ ਹਰਸ਼ਦੀਪ ਸਿੰਘ ਅਤੇ ਭੁਪਿੰਦਰ ਸਿੰਘ, ਜੋ ਕਿ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਦੇ ਖਿਲਾਫ ਐਨਡੀਪੀਐਸ ਅਤੇ ਅਸਲਾ ਐਕਟ ਦੇ ਕੇਸ ਦਰਜ ਹਨ, ਦੀ ਜਾਣ-ਪਛਾਣ ਫਿਰੋਜ਼ਪੁਰ ਜੇਲ੍ਹ ਵਿੱਚ ਹੋਈ ਸੀ। ਇਸ ਅਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਦੋਸ਼ੀ ਹਰਸ਼ਦੀਪ ਅਤੇ ਸ਼ੁਭਮ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈਏ ਸਟਾਫ਼ ਦੀਆਂ ਪੁਲਿਸ ਟੀਮਾਂ ਨੇ ਥਾਣਾ ਘਰਿੰਡਾ ਦੇ ਖੇਤਰ ਵਿੱਚ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੀ ਫਾਰਚੂਨਰ ਕਾਰ ਵਿੱਚ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ .30 ਬੋਰ ਦੇ ਪਿਸਤੌਲ ਸਮੇਤ 9 ਜਿੰਦਾ ਕਾਰਤੂਸ ਬਰਾਮਦ ਕੀਤੇ। ਬਾਅਦ ਵਿੱਚ, ਪੁਲਿਸ ਟੀਮਾਂ ਨੇ ਦੋਸ਼ੀ ਹਰਸ਼ਦੀਪ ਦੁਆਰਾ ਦੱਸੇ ਗਏ ਸਥਾਨ ਤੋਂ ਦੋ 9 ਐਮਐਮ ਗਲੋਕ ਪਿਸਤੌਲ ਵੀ ਬਰਾਮਦ ਕੀਤੇ। ਉਨ੍ਹਾਂ ਕਿਹਾ ਕਿ ਇਸ ਰੈਕੇਟ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਐਫਆਈਆਰ ਨੰ. 135 ਮਿਤੀ 10-6-2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਘਰਿੰਡਾ ਅੰਮ੍ਰਿਤਸਰ ਦਿਹਾਤੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।