ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਲਗਭਗ 12 ਵਜੇ ਵਾਪਰੀ।
ਪੁਲਿਸ ਮੁਲਾਜ਼ਮਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਦਯਾਨੰਦ ਮੈਡੀਕਲ ਹਸਪਤਾਲ (ਡੀਐਮਸੀ) ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਗੋਗੀ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਗੱਲ ਦਾ ਪਤਾ ਲੱਗਦੇ ਹੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਹਸਪਤਾਲ ਪਹੁੰਚ ਗਏ। ਏਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਪਿਸਤੌਲ 25 ਬੋਰ ਦਾ ਸੀ। ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਵਿਧਾਇਕ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ। ਉਨ੍ਹਾਂ ਕਿਹਾ ਕਿ ਅਸੀਂ ਅਪਰਾਧ ਦਾ ਦ੍ਰਿਸ਼ ਦੇਖਿਆ ਹੈ। ਰਸੋਈ ਵਿੱਚ ਕੰਮ ਕਰ ਰਹੇ ਨੌਕਰ ਨੇ ਕਿਹਾ ਕਿ ਹਥਿਆਰ ਵਿੱਚੋਂ ਸਿਰਫ਼ ਇੱਕ ਗੋਲੀ ਚੱਲੀ ਸੀ। ਗੁਰਪ੍ਰੀਤ ਬੱਸੀ ਗੋਗੀ ਦਾ ਸਸਕਾਰ ਅੱਜ ਯਾਨੀ ਸ਼ਨੀਵਾਰ ਦੁਪਹਿਰ 3 ਵਜੇ ਕੇ.ਵੀ.ਐੱਮ. ਸਕੂਲ ਨੇੜੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।
ਪੰਜਾਬ ਦੇ CM ਮਾਨ ਨੇ ਗੁਰਪ੍ਰੀਤ ਗੋਗੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ “ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਵੇ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।”