ਦਿ ਸਿਟੀ ਹੈੱਡ ਲਾਈਨਸ
ਚਮਰੋਰ/ ਪਠਾਨਕੋਟ, 3 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਵਾਸੀ ਭਾਰਤੀ ਭਰਾਵਾਂ ਨੂੰ ਆਰਥਿਕ ਅਤੇ ਸਮਾਜਿਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਉਤਸ਼ਾਹਿਤ ਕਰਨ ਵਿੱਚ ਵੱਡਾ ਯੋਗਦਾਨ ਪਾਉਣ ਦੀ ਅਪੀਲ ਕੀਤੀ, ਜੋ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਭ ਤੋਂ ਵੱਧ ਸਭ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਨੂੰ ‘ਰਸਮੀ ਇਕੱਠ’ ਵਜੋਂ ਨਹੀਂ ਲਿਆ ਜਾਣਾ ਚਾਹੀਦਾ, ਸਗੋਂ ਇਸ ਨੂੰ ਸੂਬੇ ਦੀ ਬਿਹਤਰੀ ਲਈ ਵਿਚਾਰ-ਵਟਾਂਦਰੇ ਦੇ ਆਪਸੀ ਆਦਾਨ-ਪ੍ਰਦਾਨ ਵਿੱਚ ਤਬਦੀਲ ਕਰਕੇ ਸਿਹਤਮੰਦ ਮੰਚ ਵਜੋਂ ਵਰਤਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਮਾਨ ਨੇ ਸਿੱਖਿਆ ਅਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਪਰਵਾਸੀ ਭਾਰਤੀਆਂ ਦੇ ਸਹਿਯੋਗ ਲਈ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਇਨ੍ਹਾਂ ਮੁੱਖ ਖੇਤਰਾਂ ਵਿੱਚ ਕਈ ਯੋਜਨਾਵਾਂ ਅਤੇ ਪ੍ਰੋਜੈਕਟਾਂ ਨੂੰ ਵਿਉਂਦਬੰਦ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਸਾਡੀ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਜੀਵਨ ਨੂੰ ਵਿਦੇਸ਼ਾਂ ਵਾਂਗ ਸੁਖਾਂਵਾ ਅਤੇ ਸੁਹਾਵਣਾ ਬਣਾਉਣ ਲਈ ਉਨ੍ਹਾਂ ਦੀਆਂ ਖਾਹਿਸ਼ਾਂ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਕਿ ਪੰਜਾਬ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਘਰ ਬਣਾਇਆ ਜਾ ਸਕੇ। ਮੈਨੂੰ ਪੂਰਾ ਭਰੋਸਾ ਹੈ ਕਿ ‘ਵਤਨ ਵਾਪਸੀ’ ਦਾ ਰੁਝਾਨ ਸ਼ੁਰੂ ਹੋ ਗਿਆ ਹੈ ਜਿਸ ਨਾਲ ਇਹ ਨਾ ਸਿਰਫ਼ ਨੌਜਵਾਨਾਂ ਖਾਸ ਕਰਕੇ ਸੁਨਹਿਰੇ ਸੁਪਨਿਆਂ ਦੀ ਭਾਲ ਵਿਚ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੇ ਪਰਵਾਸ ਕਰਨ ਦੇ ਉੱਭਰੇ ਰੁਝਾਨ ਨੂੰ ਠੱਲ੍ਹ ਪਏਗੀ, ਸਗੋਂ ਪਰਵਾਸੀ ਭਾਰਤੀਆਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰੇਗੀ।” ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਇਸ ਨੇਕ ਕਾਰਜ ਲਈ ਕਾਰਗਰ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਨਿਵੇਸ਼ਕਾਰ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਕੁਝ ਵੱਡੀਆਂ ਕੰਪਨੀਆਂ ਜਿਵੇਂ ਟਾਟਾ ਸਟੀਲ ਅਤੇ ਹੋਰਾਂ ਨੇ ਸੂਬੇ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਇਹ ਸਹੀ ਦਿਸ਼ਾ ਵਿੱਚ ਜਾ ਰਿਹਾ ਕਦਮ ਹੈ।