ਪੰਜਾਬ ਸਰਕਾਰ ਨੇ ਗੰਨੇ ਦੀ ਕੀਮਤ ਵਧਾ ਕੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਿਛਲੇ ਸਾਲ ਸੂਬਾ ਸਰਕਾਰ ਨੇ ਗੰਨੇ ਦਾ ਐਸਏਪੀ 11 ਰੁਪਏ ਪ੍ਰਤੀ ਕੁਇੰਟਲ ਵਧਾ ਕੇ 391 ਰੁਪਏ ਪ੍ਰਤੀ ਕੁਇੰਟਲ ਕੀਤਾ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਹੁਣ ਪੰਜਾਬ ਦੇ ਗੰਨਾ ਉਤਪਾਦਕ ਕਿਸਾਨਾਂ ਨੂੰ ਪੂਰੇ ਭਾਰਤ ਵਿੱਚ ਸਭ ਤੋਂ ਵੱਧ ਰੇਟ ਮਿਲੇਗਾ।
ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਇਸ ਸਾਲ ਗੰਨੇ ਦਾ ਐਸਏਪੀ 400 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਇਸ ਸਾਲ ਗੰਨੇ ਦੀ ਘੱਟੋ-ਘੱਟ ਕੀਮਤ (ਐੱਫ.ਆਰ.ਪੀ.) 340 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਹੈ। ਇਸ ਦਾ ਮਤਲਬ ਹੈ ਕਿ ਪ੍ਰਾਈਵੇਟ ਮਿੱਲਾਂ ਕਿਸਾਨਾਂ ਤੋਂ 340 ਰੁਪਏ ਪ੍ਰਤੀ ਕੁਇੰਟਲ ਤੋਂ ਘੱਟ ਦੇ ਹਿਸਾਬ ਨਾਲ ਗੰਨਾ ਨਹੀਂ ਖਰੀਦ ਸਕਦੀਆਂ। ਕੇਂਦਰ ਸਰਕਾਰ ਹਰ ਸਾਲ ਗੰਨੇ ਦੀ ਐਫਆਰਪੀ ਨਿਰਧਾਰਤ ਕਰਨ ਦਾ ਕੰਮ ਕਰਦੀ ਹੈ।