ਲੁਧਿਆਣਾ, 6 ਸਤੰਬਰ : ਪੰਜਾਬ ਸਰਕਾਰ ਵਲੋਂ ਘਰੇਲੂ ਬਿਜਲੀ ਖਪਤਕਾਰਾਂ ਲਈ 7 ਕਿਲੋਵਾਟ ਤੱਕ ਦੀ ਸਬਸਿਡੀ ਵਾਲੀ ਬਿਜਲੀ ਸਕੀਮ ਵਾਪਸ ਲੈਣ ਦੇ ਵਿਰੋਧ ਵਿੱਚ ਪੰਜਾਬ ‘ਚ ਵਿਰੋਧੀ ਧਿਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਲੁਧਿਆਣਾ ਵਿੱਚ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਡੀਸੀ ਦਫ਼ਤਰ ਦੇ ਬਾਹਰ ਕੀਤਾ ਗਿਆ। ਕਾਂਗਰਸੀ ਆਗੂਆਂ ਨੇ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਨਾਅਰੇਬਾਜ਼ੀ ਕੀਤੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਦੱਸਿਆ ਕਿ ਸਰਕਾਰ ਨੇ ਬਿਜਲੀ ਦੀ ਸਬਸਿਡੀ ਹਟਾ ਕੇ ਜਨਤਾ ‘ਤੇ ਵਾਧੂ ਬੋਝ ਪਾਇਆ ਹੈ | ਜਿਸ ਸਕੀਮ ਨੂੰ ਸਰਕਾਰ ਇੱਕ ਵਾਰ ਲੋਕ ਹਿੱਤ ਵਿੱਚ ਸ਼ੁਰੂ ਕਰਦੀ ਹੈ, ਉਸ ਨੂੰ ਵਾਪਸ ਲੈਣਾ ਲੋਕਾਂ ਨਾਲ ਬੇਇਨਸਾਫ਼ੀ ਹੈ। ਤਲਵਾੜ ਨੇ ਦੱਸਿਆ ਕਿ ਅੱਜ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਕਾਂਗਰਸ ਬਲਾਕ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਸੰਘਰਸ਼ ਕਰੇਗੀ। ਉਨ੍ਹਾਂ ਨੇ ਕਿਹਾ ਕਿ ਅੱਜ ਸਰਕਾਰ ਮਾਲੀਏ ਦੀ ਗੱਲ ਕਰ ਰਹੀ ਹੈ ਪਰ ਸਰਕਾਰ ਬਣਨ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੇ-ਵੱਡੇ ਦਾਅਵੇ ਕਰਦੇ ਸਨ, ਪਰ ਹੁਣ ਸਾਰੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ। ‘ਆਪ’ ਸਰਕਾਰ ਹਰ ਫਰੰਟ ‘ਤੇ ਫੇਲ ਸਾਬਤ ਹੋ ਰਹੀ ਹੈ। ਅੱਜ ਢਾਈ ਸਾਲ ਹੋ ਗਏ ਹਨ ਪਰ ਅੱਜ ਤੱਕ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੇ ਹਨ।