ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਸਰਕਾਰ ਨੇ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਾਵਰ ਲਈ ਕਿਸਾਨਾਂ ਨੂੰ ਮੁਆਵਜ਼ੇ ਵਿਚ ਕਰੀਬ ਸੌ ਗੁਣਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜਿਨ੍ਹਾਂ ਕਿਸਾਨਾਂ ਦੇ ਖੇਤਾਂ ਵਿਚੋਂ ਵੱਡੀਆਂ ਤਾਰਾਂ ਲੰਘਣਗੀਆਂ ਉਨ੍ਹਾਂ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਮੁਆਵਜ਼ਾ ਭਵਿੱਖ ‘ਚ ਕੱਢੀਆਂ ਜਾਣ ਵਾਲੀਆਂ 66 ਕੇਵੀ, 132ਕੇਵੀ, 220 ਕੇਵੀ ਅਤੇ 400 ਕੇਵੀ ਲਾਈਨਾਂ ਉਤੇ ਲਾਗੂ ਹੋਵੇਗਾ। ਬਿਜਲੀ ਵਿਭਾਗ ਨੇ 3 ਫਰਵਰੀ ਨੂੰ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। CM ਮਾਨ ਨੇ ਅਜੇ ਕੁਝ ਦਿਨ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਕਿਸਾਨੀ ਮੁਆਵਜ਼ੇ ‘ਚ ਵਾਧੇ ਲਈ ਪ੍ਰਵਾਨਗੀ ਦਿੱਤੀ ਸੀ।
ਕਿਸਾਨਾਂ ਨੂੰ ਇਸ ਫੈਸਲੇ ਨਾਲ ਕਰੀਬ 125 ਕਰੋੜ ਰੁਪਏ ਸਾਲਾਨਾ ਮੁਆਵਜ਼ੇ ਵਜੋਂ ਮਿਲਣਗੇ। ਪਹਿਲਾਂ ਖੇਤਾਂ ਵਿਚ ਬਿਜਲੀ ਲਾਈਨਾਂ ਦੇ ਟਾਵਰਾਂ ਵਿਚਲੀ ਜਗ੍ਹਾ ਦੀ ਹੀ ਕੀਮਤ ਮਿਲਦੀ ਸੀ ਜੋ ਕਿ ਜ਼ਮੀਨ ਦੀ ਪ੍ਰਤੀ ਏਕੜ ਕੀਮਤ ਦਾ 85 ਫ਼ੀਸਦੀ ਹੁੰਦੀ ਸੀ। ਹੁਣ ਜ਼ਮੀਨ ਦੀ ਕੀਮਤ ਦਾ 200 ਫ਼ੀਸਦੀ ਮਿਲੇਗਾ। ਬਿਜਲੀ ਲਾਈਨਾਂ ਵਾਲੇ ਟਾਵਰ ਦੇ ਚਾਰ ਚੁਫੇਰੇ ਇਕ-ਇਕ ਮੀਟਰ ਜਗ੍ਹਾ ਦਾ ਵੀ ਮੁਆਵਜ਼ਾ ਮਿਲੇਗਾ।