ਵਿਧਾਨ ਸਭਾ ਜ਼ਿਮਨੀ ਚੋਣਾਂ ਖ਼ਤਮ ਹੁੰਦਿਆਂ ਹੀ ਪੰਜਾਬ ਵਿਚ ਲੰਮੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ ਹੋ ਗਿਆ ਹੈ। ਇਹ ਚੋਣਾਂ ਦਸੰਬਰ ਦੇ ਆਖ਼ਰੀ ਹਫ਼ਤੇ ਹੋਣ ਜਾ ਰਹੀਆਂ ਹਨ। ਸਰਕਾਰ ਵੱਲੋਂ ਇਸ ਨੂੰ ਲੈ ਕੇ ਨੋਟੀਫ਼ੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀਂ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਵਲੋਂ ਨੋਟੀਫ਼ੀਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤੇ ਜਾਣ ਬਾਅਦ ਮਾਮਲੇ ਦਾ ਨਿਪਟਾਰਾ ਕਰ ਦਿੱਤਾ ਸੀ। ਸਰਕਾਰ ਨੂੰ 26 ਨਵੰਬਰ ਤੱਕ ਨੋਟੀਫ਼ੀਕੇਸ਼ਨ ਜਾਰੀ ਕਰਨ ਲਈ ਕਿਹਾ ਸੀ ਜਿਸ ਮਗਰੋਂ ਸਰਕਾਰ ਨੇ ਨੋਟੀਫ਼ੀਕੇਸ਼ਨ ਜਾਰੀ ਕਰ ਦਿੱਤਾ। ਜ਼ਿਲ੍ਹਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਨਗਰ ਨਿਗਮਾਂ ਲਈ ਚੋਣਾਂ ਹੋਣਗੀਆਂ। ਇਸ ਦੇ ਨਾਲ ਹੀ ਵੱਖ-ਵੱਖ ਨਗਰ ਨਿਗਮਾਂ ਦੇ ਵਿਸ਼ੇਸ਼ ਵਾਰਡਾਂ ਲਈ ਜ਼ਿਮਨੀ ਚੋਣਾਂ ਵੀ ਕਰਵਾਈਆਂ ਜਾਣਗੀਆਂ, ਜਿਨ੍ਹਾਂ ‘ਚ ਬਠਿੰਡਾ, ਅਬੋਹਰ, ਬਟਾਲਾ, ਹੁਸ਼ਿਆਰਪੁਰ ਸ਼ਾਮਲ ਹਨ।